ਮਨੋਜ ਸ਼ਰਮਾ
ਬਠਿੰਡਾ, 7 ਦਸੰਬਰ
ਭਾਰਤ ਮਾਲਾ ਸੜਕ ਬਣਾਉਣ ਲਈ ਧੱਕੇ ਨਾਲ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮਗਰੋਂ ਜ਼ਿਲ੍ਹਾ ਬਠਿੰਡਾ ਦਾ ਵਫਦ ਸੂਬਾ ਸਕੱਤਰ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਡੀਸੀ ਨੂੰ ਮਿਲਿਆ। ਵਫ਼ਦ ਵੱਲੋਂ ਡੀਸੀ ਅੱਗੇ ਮੰਗ ਰੱਖੀ ਗਈ ਕਿ ਭਾਰਤ ਮਾਲਾ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਸਬੰਧਤ ਕਿਸਾਨਾਂ ਦੀ ਪੂਰਨ ਸਹਿਮਤੀ ਲਈ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਵੀ ਇਸ ਸਬੰਧੀ ਮੀਟਿੰਗ ਹੋਈ ਸੀ ਜਿਸ ਨੇ ਭਰੋਸਾ ਦਿੱਤਾ ਸੀ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਜਬਰੀ ਜ਼ਮੀਨ ਐਕੁਾਆਇਰ ਨਹੀਂ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਡੀਸੀ ਨੂੰ ਦੱਸਿਆ ਕਿ ਜੋ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ ਉਸ ਦਾ ਮੁਆਵਜ਼ਾ ਲੰਮੇ ਸਮੇਂ ਤੋਂ ਕਾਬਜ਼ ਕਿਸਾਨਾਂ ਨੂੰ ਦੇਣ ਦੀ ਬਜਾਏ ਸਾਂਝੇ ਖਾਤੇ ਵਿੱਚ ਬਿਨਾਂ ਮਾਲਕੀ ਵਾਲੇ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ। ਬਹੁਤ ਸਾਰੇ ਕਿਸਾਨਾਂ ਨੂੰ ਵਪਾਰਕ ਵਰਤੋਂ ਵਾਲੀ ਜ਼ਮੀਨ ਦਾ ਰੇਟ ਵੀ ਸਧਾਰਨ ਜ਼ਮੀਨ ਦੇ ਬਰਾਬਰ ਹੀ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹੀਆਂ ,ਖਾਲਿਆਂ, ਮੋਟਰਾਂ, ਦਰੱਖਤਾਂ ਦਾ ਮਾਮਲਾ ਵੀ ਵਿਚੇ ਲਟਕ ਰਿਹਾ ਹੈ। ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਸਹਿਮਤੀ ਬਿਨਾਂ ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਇਸ ਖਿਲਾਫ ਐਕਸ਼ਨ ਉਲੀਕਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੱਲ੍ਹ ਪਿੰਡ ਰਾਏ ਖੰਨਾ ਵਿੱਚ ਪ੍ਰਸ਼ਾਸਨ ਵੱਲੋਂ ਜ਼ਮੀਨ ‘ਤੇ ਕਬਜ਼ਾ ਕਰਨ ਦਾ ਵਿਰੋਧ ਕਰਕੇ ਕਾਰਵਾਈ ਰੋਕ ਦਿੱਤੀ ਗਈ ਸੀ।