ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਸਤੰਬਰ
ਥਾਣਾ ਸਰਾਭਾ ਨਗਰ ਦੇ ਇਲਾਕੇ ਵਿੱਚ ਅਣਪਛਾਤੇ ਇੱਕ ਘਰ ਵਿੱਚੋਂ ਲੱਖਾਂ ਰੁਪਏ ਦੇ ਮੁੱਲ ਦੇ ਸੋਨੇ-ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਕੇ ਲੈ ਗਏ ਹਨ। ਲਾਲ ਬਾਗ ਨਿਊ ਰਾਜਗੁਰੂ ਨਗਰ ਵਾਸੀ ਸਰਵਰ ਨੇ ਦੱਸਿਆ ਹੈ ਕਿ ਉਹ ਆਪਣੇ ਘਰ ਨੂੰ ਜਿੰਦਰਾ ਲਗਾ ਕੇ ਪਰਿਵਾਰ ਸਣੇ ਗੁਰਦੁਆਰਾ ਸੁਲਤਾਨਪੁਰ ਲੋਧੀ ਵਿਖੇ ਮੱਥਾ ਟੇਕਣ ਲਈ ਗਿਆ ਸੀ। ਦੇਰ ਸ਼ਾਮ ਜਦੋਂ ਉਹ ਵਾਪਸ ਆਏ ਤਾਂ ਉਨ੍ਹਾਂ ਦੇ ਘਰ ਵਿੱਚ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਪੜਤਾਲ ਕਰਨ ’ਤੇ ਪਤਾ ਲੱਗਾ ਕਿ ਅਣਪਛਾਤੇ ਵਿਅਕਤੀ ਛੱਤ ਦੇ ਉੱਪਰ ਦਾ ਦਰਵਾਜ਼ਾ ਤੋੜ ਕੇ ਘਰ ਅੰਦਰ ਦਾਖ਼ਲ ਹੋਏ ਅਤੇ ਅਲਮਾਰੀਆਂ ਵਿੱਚੋਂ ਸੋਨੇ-ਚਾਂਦੀ ਦੇ ਗਹਿਣਿਆਂ ਤੋਂ ਇਲਾਵਾ ਉਸ ਦਾ ਅਤੇ ਉਸ ਦੀ ਭੈਣ ਸਮਰਿਤੀ ਦਾ ਪਾਸਪੋਰਟ, ਦੋ ਮੋਬਾਈਲ ਫੋਨ, 26 ਹਜ਼ਾਰ ਰੁਪਏ ਦੀ ਨਗਦੀ ਅਤੇ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰ ਕੇ ਲੈ ਗਏ ਹਨ। ਥਾਣੇਦਾਰ ਉਮੇਸ਼ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਵਿਅਕਤੀ ਵੱਲੋਂ ਘਰ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਹੋਏ ਸਨ ਪਰ ਚੋਰ ਜਾਂਦੇ ਹੋਏ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਨਾਲ ਲੈ ਗਏ ਹਨ।