ਦਵਿੰਦਰ ਪਾਲ
ਚੰਡੀਗੜ੍ਹ, 8 ਜਨਵਰੀ
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਸਬੰਧੀ ਪਾਸ ਕੀਤੇ ਕਾਨੂੰਨ ਰਾਸ਼ਟਰਪਤੀ ਕੋਲ ਨਾ ਪਹੁੰਚਾਉਣਾ ਕੈਪਟਨ ਅਮਰਿੰਦਰ ਸਿੰਘ ਅਤੇ ਗਵਰਨਰ ਦੀ ਮਿਲੀਭੁਗਤ ਦਾ ਨਤੀਜਾ ਹੈ। ਇੱਕ ਬਿਆਨ ਰਾਹੀਂ ‘ਆਪ’ ਆਗੂ ਨੇ ਕਿਹਾ ਹੈ ਕਿ ਇਸ ਤੋਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਨਰਿੰਦਰ ਮੋਦੀ ਨਾਲ ਮਿਲ ਕੇ ਇਨ੍ਹਾਂ ਕਾਨੂੰਨਾਂ ਸਬੰਧੀ ਪੰਜਾਬੀਆਂ ਨੂੰ ਗੁਮਰਾਹ ਕਰਨ ਦੇ ਮਨਸੂਬੇ ਨਾਲ ਨਾਟਕ ਕਰਨ ਦਾ ਪਰਦਾਫਾਸ਼ ਹੋਇਆ ਹੈ। ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਕਾਨੂੰਨ ਬਣਾਉਣ ਦੀ ਡਰਾਮੇਬਾਜ਼ੀ ਕੀਤੀ ਸੀ ਜੋ ਅੱਜ 79 ਦਿਨ ਬੀਤਣ ਦੇ ਬਾਅਦ ਵੀ ਉਹ ਗਵਰਨਰ ਕੋਲ ਪਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਜੇਕਰ ਸੱਚੇ ਦਿਲੋਂ ਕਿਸਾਨਾਂ ਦੀ ਕੋਈ ਚਿੰਤਾਂ ਹੁੰਦੀ ਤਾਂ ਉਹ ਇਸਦੀ ਪੈਰਵਾਈ ਕਰਦੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਇਸ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਆਖ ਦਿੱਤਾ ਹੈ, ਹੈਰਾਨੀ ਦੀ ਗੱਲ ਹੈ ਕਿ ਏਜੀ ਕੋਲ ਵਕੀਲਾਂ ਦੀ ਐਨੀ ਵੱਡੀ ਫੌਜ ਹੁੰਦੇ ਹੋਏ ਵੀ ਕੁਝ ਨਹੀਂ ਕੀਤਾ। ਉਨ੍ਹਾਂ ਰਾਜਪਾਲ ਉੱਤੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਇਸ਼ਾਰਿਆਂ ’ਤੇ ਕੰਮ ਕਰਨ ਦਾ ਦੋਸ਼ ਵੀ ਲਗਾਇਆ।
ਕੈਪਟਨ ਮਾਫ਼ੀਆ ਦਾ ਸਰਗਣਾ ਬਣ ਕੇ ਰਾਜ ਚਲਾ ਰਿਹੈ: ਚੀਮਾ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ‘ਆਪ’ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਗ਼ੈਰਕਾਨੂੰਨੀ ਸ਼ਰਾਬ ਅਤੇ ਡਰੱਗ ਕਾਰੋਬਾਰ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸੂਬੇ ਵਿੱਚ ਮਾਫੀਆ ਦਾ ਸਰਗਣਾ ਬਣ ਕੇ ਸ਼ਾਸਨ ਚਲਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਹੈ ਕਿ ਨਾਜਾਇਜ਼ ਕਾਰਖਾਨਿਆਂ ਤੋਂ ਲੈ ਕੇ ਮਾਈਨਿੰਗ, ਟਰਾਂਸਪੋਰਟ, ਨਾਜਾਇਜ਼ ਸ਼ਰਾਬ ਅਤੇ ਡਰੱਗ ਤਸਕਰੀ ਤੱਕ ਕੈਪਟਨ ਖ਼ੁਦ ਇਸ ਵਿੱਚ ਸ਼ਾਮਲ ਹਨ।