ਕੋਲਕਾਤਾ, 25 ਦਸੰਬਰ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਅੱਧਾ ਸੱਚ’ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਸੂਬੇ ’ਚ ਪੀਐੱਮ ਕਿਸਾਨ ਸਨਮਾਨ ਨਿੱਧੀ ਸਕੀਮ ਬਾਰੇ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ। ਮਮਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਿੱਲੀ ’ਚ ਮੋਰਚੇ ਲਾਈ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਸੁਲਝਾਉਣ ਦੀ ਥਾਂ ਟੈਲੀਵਿਜ਼ਨ ’ਤੇ ਆਪਣੇ ਸੰਬੋਧਨ ’ਚ ਕਿਸਾਨਾਂ ਬਾਰੇ ਵੱਡੀ ਫਿਕਰਮੰਦੀ ਵਿਖਾ ਰਹੇ ਹਨ। ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਨੇ ਆਪਣੀ ਤਕਰੀਰ ’ਚ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਸੀ ਕਿ ਤ੍ਰਿਣਮੂਲ ਕਾਂਗਰਸ ਸਰਕਾਰ ਵੱਲੋਂ ‘ਪੀਐੱਮ ਕਿਸਾਨ’ ਯੋਜਨਾ ਲਈ ਕੇਂਦਰ ਨੂੰ ਸਹਿਯੋਗ ਨਹੀਂ ਦਿੱਤਾ ਗਿਆ, ਜਿਸ ਕਰਕੇ ਪੱਛਮੀ ਬੰਗਾਲ ਦੇ 70 ਲੱਖ ਕਿਸਾਨ ਸਕੀਮ ਦੇ ਲਾਭ ਤੋਂ ਵਾਂਝੇ ਰਹਿ ਗਏ। ਮਮਤਾ ਨੇ ਮੋੜਵਾਂ ਵਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਕੇਂਦਰ ਨਾਲ ਸਹਿਯੋਗ ਕਰਨ ਲਈ ਹਮੇਸ਼ਾਂ ਤਿਆਰ ਰਹੀ ਹੈ। ਉਨ੍ਹਾਂ ਕਿਹਾ ਕਿ ਉਲਟਾ ਕੇਂਦਰ ਸਰਕਾਰ ਸਹਿਯੋਗ ਤੋਂ ਇਨਕਾਰੀ ਹੋ ਕੇ ਸਿਆਸੀ ਹਿੱਤਾਂ ਲਈ ਸੂਬਾ ਸਰਕਾਰ ਖ਼ਿਲਾਫ਼ ਭੰਡੀ ਪ੍ਰਚਾਰ ਕਰ ਰਹੀ ਹੈ। ਪੀਟੀਆਈ