ਤਰਨ ਤਾਰਨ: ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਅਤੇ ਜੇਈਈ ਮੇਨ ਦੀ ਪ੍ਰੀਖਿਆ ਦੀਆਂ ਤਰੀਕਾਂ ਆਪਸ ਵਿੱਚ ਮਿਲਣ ਕਾਰਨ ਜੇਈਈ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਪ੍ਰੇਸ਼ਾਨ ਹਨ| ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਕਾਰ ਸਿੰਘ ਵਲਟੋਹਾ ਨੇ ਇਸ ਸਬੰਧੀ ਅੱਜ ਇਥੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 16 ਅਪਰੈਲ ਤੋਂ 12ਵੀਂ ਦੀ ਪ੍ਰੀਖਿਆ ਲਈ ਜਾ ਰਹੀ ਹੈ| ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਜੇਈਈ ਮੇਨ ਦੀਆਂ ਤਰੀਕਾਂ 16 ਅਪਰੈਲ ਤੋਂ 21 ਤੱਕ ਤੈਅ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਮਿਤੀਆਂ ਆਪਸ ਵਿੱਚ ਮਿਲਣ ਕਾਰਨ ਬਾਰ੍ਹਵੀਂ ਦੇ ਵਿਦਿਆਰਥੀ ਜੇਈਈ ਦੀ ਪ੍ਰੀਖਿਆ ਵਿੱਚ ਨਹੀਂ ਬੈਠ ਸਕਣਗੇ| ਅਧਿਆਪਕ ਆਗੂ ਵਲਟੋਹਾ ਨੇ ਬਾਰ੍ਹਵੀਂ ਦੀ ਪ੍ਰੀਖਿਆ 25 ਅਪਰੈਲ ਤੋਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। -ਪੱਤਰ ਪ੍ਰੇਰਕ