ਹਰਦੀਪ ਸਿੰਘ ਸੋਢੀ
ਧੂਰੀ, 22 ਫਰਵਰੀ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਾਮ ਸਿੰਘ ਕੱਕੜਵਾਲ, ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 145ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਅੱਜ ਵੀ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ 23 ਫਰਵਰੀ ਨੂੰ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਤੇ ਪੱਗੜੀ ਸੰਭਾਲ ਦਿਵਸ ਮਨਾਇਆ ਜਾ ਰਿਹਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲੱਗਦੇ ਰਿਲਾਇੰਸ ਪੈਟਰੋਲ ਪੰਪ ’ਤੇ ਧਰਨਾ 145ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਜਗਸੀਰ ਸਿੰਘ ਖੰਡੇਬਾਦ ਤੇ ਹਰਸੇਵਕ ਸਿੰਘ ਲਹਿਲ ਖੁਰਦ ਆਦਿ ਆਗੂਆਂ ਨੇ ਕਿਹਾ ਕਿ ਸੰਯੁਕਤ ਮੋਰਚੇ ਵਲੋਂ ਦਿੱਤੇ ਗਏ ਲੜੀਵਾਰ ਪ੍ਰੋਗਰਾਮਾਂ ਤਹਿਤ ਲੱਗੇ ਪੱਕੇ ਧਰਨੇ ’ਤੇ 23 ਫਰਵਰੀ ਨੂੰ ਪਗੜੀ ਸੰਭਾਲ ਜੱਟਾ ਲਹਿਰ ਦੇ ਨਾਇਕ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ ਜਾਵੇਗਾ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਦਿੱਤੇ ਗਏ ਬਿਆਨ ਦਾ ਗੰਭੀਰ ਨੋਟਿਸ ਲੈਂਦਿਆਂ ਦੋ-ਟੁੱਕ ਸ਼ਬਦਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਸੰਘਰਸ਼ ਕਰ ਰਹੇ ਕਿਸਾਨ ਪਹਿਲਾਂ ਹੀ ਮੋਦੀ ਸਰਕਾਰ ਦੀ ‘ਖੇਤੀ ਕਾਨੂੰਨਾਂ ਵਿਚ ਸੋਧ ਕਰਨ’ ਦੀ ਤਜਵੀਜ਼ ਨੂੰ ਸਿਰੇ ਤੋਂ ਨਕਾਰ ਚੁੱਕੇ ਹਨ। ਕਿਸਾਨਾਂ ਨੂੰ ਖੇਤੀ ਮਾਰੂ ਕਾਲੇ ਕਾਨੂੰਨ ਰੱਦ ਹੋਣ ਤੋਂ ਬਿਨਾ ਹੋਰ ਕੁੱਝ ਮਨਜ਼ੂਰ ਨਹੀਂ ਹੈ ਅਤੇ ਨਾ ਹੀ ਹੋਵੇਗਾ। ਇੱਥੇ ਭਾਜਪਾ ਕਿਸਾਨ ਮੋਰਚੇ ਦੇ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਅਤੇ ਕਿਸਾਨ ਬੀਬੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੇ ਬਿਆਨ ਤੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ।
ਅਮਰਗੜ੍ਹ (ਰਾਜਿੰਦਰ ਜੈਦਕਾ): ਟੌਲ ਪਲਾਜ਼ਾ ਮਾਹੋਰਾਣਾ ਵਿੱਚ ਧਰਨੇ ਦੇ 136ਵੇਂ ਦਿਨ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਾ. ਮਨਜੀਤ ਸਿੰਘ ਭੁੱਲਰਾਂ, ਮਾ. ਮੇਜਰ ਸਿੰਘ, ਸਾਬਕਾ ਸਰਪੰਚ ਲਾਲ ਸਿੰਘ ਤੋਲੇਵਾਲ, ਨਰਿੰਦਰਜੀਤ ਸਿੰਘ ਸਲਾਰ ਆਦਿ ਨੇੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਇਹ ਅੰਦਲੋਲ ਜ਼ਰੂਰ ਸਫ਼ਲ ਹੋਵੇਗਾ।