ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 21 ਅਗਸਤ
ਇੱਥੋਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 24 ਅਗਸਤ ਨੂੰ ਦਿੱਤੇ ਜਾਣ ਵਾਲੇ ਦਿਨ-ਰਾਤ ਦੇ ਧਰਨੇ ਸਬੰਧੀ ਪਿੰਡ ਭੁੱਟੀਵਾਲਾ ਅਤੇ ਖਿੜਕੀਆਂ ਵਾਲਾ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮੀਟਿੰਗਾਂ ਕੀਤੀਆਂ। ਜ਼ਿਲ੍ਹਾ ਆਗੂ ਬਾਜ ਸਿੰਘ ਭੁੱਟੀਵਾਲਾ ਨੇ ਆਖਿਆ ਕਿ ਪਿਛਲੇ ਸਾਲ ਗੁਲਾਬੀ ਸੁੰਡੀ ਨਾਲ ਖਰਾਬ ਹੋਏ ਨਰਮੇ ਦਾ ਮੁਆਵਜ਼ਾ ਲੈਣ, ਲੰਬੀ ਤਹਿਸੀਲ ਅੱਗੇ ਲੱਗੇ ਧਰਨੇ ਸਮੇਂ ਲਾਠੀਚਾਰਜ ਦੌਰਾਨ ਦਰਜ ਪੁਲੀਸ ਕੇਸ ਰੱਦ ਕਰਾਉਣ, 2015 ਵਿੱਚ ਮੀਟਰ ਬਾਹਰ ਕੱਢਣ ਸਮੇਂ ਦਰਜ ਕੇਸ ਰੱਦ ਕਰਨ ਸਮੇਤ ਬਾਰਿਸ਼ਾਂ ਨਾਲ ਹੁਣ ਖਰਾਬ ਹੋਈਆਂ ਫ਼ਸਲਾਂ ਅਤੇ ਮਜ਼ਦੂਰਾਂ ਦੇ ਡਿੱਗੇ ਮਕਾਨਾਂ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਲੰਬੀ ਦੇ ਦੌਰੇ ਦੌਰਾਨ ਪਿੰਡ ਪੰਨੀਵਾਲਾ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੇ ਇਕ ਵਫ਼ਦ ਨਾਲ ਬੈਠਕ ਕਰਨ ਮਗਰੋਂ ਡਿਪਟੀ ਕਮਿਸ਼ਨਰ ਨੂੰ ਮਸਲਾ ਹੱਲ ਕਰਨ ਦੀ ਹਦਾਇਤ ਦਿੱਤੀ ਸੀ ਪਰ ਡਿਪਟੀ ਕਮਿਸ਼ਨਰ ਨਾਲ ਵਾਰ ਵਾਰ ਮੀਟਿੰਗਾਂ ਦੇ ਬਾਵਜੂਦ ਵੀ ਮਜ਼ਦੂਰਾਂ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਹੋਣ ਕਰ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਵੱਲੋਂ ਸ਼ੰਘਰਸ਼ ਦਾ ਰਾਹ ਅਖਤਿਆਰ ਕਰ ਲਿਆ ਹੈ। ਇਸ ਮੌਕੇ ਦਰਸ਼ਨ ਸਿੰਘ, ਗੁਰਮੇਲ ਕੌਰ, ਸੁਖਜੀਤ ਕੌਰ, ਬਿੰਦਰ ਕੌਰ ਮਨਪ੍ਰੀਤ ਕੌਰ ਭੱਟੀਵਾਲਾ, ਸਰਬਜੀਤ ਕੌਰ ਤੇ ਮਨਪ੍ਰੀਤ ਕੌਰ ਖਿੜਕੀਆਂ ਵਾਲਾ ਹਾਜ਼ਰ ਸਨ।
ਮਜ਼ਦੂਰ ਮੁਕਤੀ ਮੋਰਚਾ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ
ਤਪਾ ਮੰਡੀ (ਪੱਤਰ ਪ੍ਰੇਰਕ): ਮਜ਼ਦੂਰ ਮੁਕਤੀ ਮੋਰਚੇ ਨੇ ਪਿੰਡ ਤਾਜੋਕੇ, ਦਰਾਕਾ ਅਤੇ ਜੈਮਲ ਸਿੰਘ ਵਾਲਾ ਵਿੱਚ ਮੀਟਿੰਗਾਂ ਕੀਤੀਆਂ, ਜਿਨ੍ਹਾਂ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਨੇ ਕਿਹਾ ਕਿ ਮਜ਼ਦੂਰ ਵਰਗ ਨੇ ਬੜੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ ਕਿ ਸ਼ਾਇਦ ਇਹ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵੱਲ ਧਿਆਨ ਕੇਂਦਰਿਤ ਕਰੇਗੀ ਪਰ ਪੰਜ ਮਹੀਨੇ ਬੀਤਣ ਮਗਰੋਂ ਵੀ ‘ਆਪ’ ਸਰਕਾਰ ਨੇ ਮਜ਼ਦੂਰ ਵਰਗ ਦੀ ਭਲਾਈ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਵੀ ਕੁੱਝ ਨਾ ਰੱਖ ਕੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਮਜ਼ਦੂਰਾਂ ਨਾਲ ਸਬੰਧਤ ਮੰਗਾਂ ਮਨਵਾਉਣ ਲਈ ਭਗਵੰਤ ਮਾਨ ਦੀ ਕੋਠੀ ਅੱਗੇ 12, 13 ਅਤੇ 14 ਸਤੰਬਰ ਨੂੰ ਦਿੱਤੇ ਜਾਣ ਵਾਲੇ ਧਰਨੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਆਗੂ ਕਾਮਰੇਡ ਸ਼ਿੰਗਾਰਾ ਸਿੰਘ ਨੇ ਜੇਲ੍ਹਾਂ ਵਿੱਚ ਬੰਦ ਪੱਤਰਕਾਰਾਂ, ਬੁੱਧੀਜੀਵੀਆਂ ਅਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਨਾਨਕ ਸਿੰਘ ਤਪਾ, ਪਾਲ ਕੌਰ ਤਾਜੋਕੇ ਅਤੇ ਸੁਖਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।