ਲਖਨਊ, 6 ਮਾਰਚ
ਬਸਪਾ ਮੁਖੀ ਮਾਇਆਵਤੀ ਨੇ ਅੱਜ ਕਿਹਾ ਕਿ ਉਤਰ ਪ੍ਰਦੇਸ਼ ਵਿੱਚ ਇੱਕ ਮਜ਼ਬੂਤ ਸਰਕਾਰ ਬਣਾਉਣ ਦੀ ਲੋੜ ਹੈ, ਜੋ ਸਮਾਜ ਦੇ ਸਾਰੇ ਵਰਗਾਂ ਦਾ ਖ਼ਿਆਲ ਰੱਖ ਸਕੇ। ਉਨ੍ਹਾਂ ਟਵੀਟ ਕੀਤਾ, ‘‘ਉਤਰ ਪ੍ਰਦੇਸ਼ ਦੇ ਨੌਂ ਜ਼ਿਲ੍ਹਿਆਂ ਵਿੱਚ 54 ਸੀਟਾਂ ’ਤੇ ਆਖ਼ਰੀ ਗੇੜ ਦੀਆਂ ਵੋਟਾਂ ਭਲਕੇ ਪੈਣਗੀਆਂ। ਗ਼ਰੀਬੀ ਅਤੇ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਾਸ਼ੀਏ ’ਤੇ ਧੱਕੇ ਲੋਕ ਆਪਣੀ ਵੋਟ ਦੀ ਤਾਕਤ ਨਾਲ ਆਪਣੀ ਤੇ ਸੂਬੇ ਦੀ ਤਕਦੀਰ ਬਦਲਣ ਦਾ ਕੰਮ ਕਰ ਸਕਦੇ ਹਨ। ਸਾਰਿਆਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਬਸਪਾ ਦੀ ‘ਮਜ਼ਬੂਤ ਸਰਕਾਰ’ ਬਣਾਉਣੀ ਜ਼ਰੂਰੀ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਸਭ ਨੂੰ ਪਤਾ ਹੈ ਕਿ ਵਿਰੋਧੀ ਪਾਰਟੀਆਂ ਨੇ ਹਰ ਤਰ੍ਹਾਂ ਦੇ ਲੁਭਾਉਣੇ ਵਾਅਦਿਆਂ ਅਤੇ ਭਰੋਸਿਆਂ ਨੂੰ ਪੂਰਾ ਨਹੀਂ ਕੀਤਾ। ਯੂਪੀ ਦੇ ਲੋਕਾਂ ਦੀ ਭਲਾਈ ਅਤੇ ਅੱਛੇ ਦਿਨ ਲਿਆਉਣ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਉਣ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਵਿੱਚ ਲੋਕਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ। ਹੁਣ ਉਨ੍ਹਾਂ ਦੀਆਂ ਗੱਲਾਂ ਵਿੱਚ ਨਾ ਆਉਣਾ ਹੀ ਅਕਲਮੰਦੀ ਹੋਵੇਗੀ।’’ -ਪੀਟੀਆਈ