ਨਿਜੀ ਪੱਤਰ ਪ੍ਰੇਰਕ
ਸੰਗਰੂਰ, 26 ਅਪਰੈਲ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਅਗਵਾਈ ਹੇਠ ਇਥੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਚੱਲ ਰਹੇ ਪੱਕੇ ਮੋਰਚੇ ਦੇ 41ਵੇਂ ਦਿਨ ਮਾਲਵੇ ਖੇਤਰ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਯੂਨੀਅਨ ਆਗੂਆਂ ਸਣੇ ਸੈਂਕੜੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕਾਲੇ ਚੋਲੇ ਪਾ ਕੇ ਅਤੇ ਕਾਲੇ ਦੁਪੱਟੇ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਅਤੇ ਡੀਸੀ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੱਕੇ ਮੋਰਚੇ ਵਾਲੇ ਸਥਾਨ ’ਤੇ ਇਕੱਠੀਆਂ ਹੋਈਆਂ ਜਿਸ ਮਗਰੋਂ ਕਾਲੇ ਚੋਲੇ ਪਾ ਕੇ ਅਤੇ ਦੁਪੱਟੇ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਵਰਕਰਾਂ ਵਲੋਂ ਡੀਸੀ ਕੰਪਲੈਕਸ ਅੱਗੇ ਪੁੱਜ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ’ਤੇ ਸੜਕਾਂ ’ਤੇ ਰੁਲ੍ਹ ਰਹੀਆਂ ਧੀਆਂ-ਭੈਣਾਂ ਦੀ ਸਾਰ ਨਾ ਲੈਣ ਦਾ ਦੋਸ਼ ਲਾਇਆ। ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਦੀ ਅਗਵਾਈ ਕੀਤੇ ਪ੍ਰਦਰਸ਼ਨ ਦੌਰਾਨ ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 41 ਦਿਨਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਇਥੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਦਿਨ-ਰਾਤ ਦੇ ਪੱਕੇ ਮੋਰਚੇ ’ਤੇ ਆਪਣੀਆਂ ਮੰਗਾਂ ਮਨਵਾਉਣ ਲਈ ਬੈਠੀਆਂ ਹਨ ਪਰੰਤੂ ਪੰਜਾਬ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੌਫੀ ਵਿਦ ਕੈਪਟਨ ਪ੍ਰੋਗਰਾਮ ਦੌਰਾਨ ਵਾਅਦਾ ਕੀਤਾ ਸੀ ਕਿ ਜਿਹੜੀ ਸਰਕਾਰ ਘੱਟੋ ਘੱਟ ਉਜਰਤ ਨਹੀਂ ਦਿੰਦੀ ਉਸ ਨੂੰ ਸੱਤਾ ਵਿਚ ਰਹਿਣ ਦਾ ਕੋਈ ਹੱਕ ਨਹੀਂ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਦੇ ਵੱਡੇ ਵੱਡੇ ਹੋਰਡਿੰਗ ਲਗਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਪਰੰਤੂ ਪੰਜਾਬ ਦੀਆਂ ਬੇਟੀਆਂ ਨੂੰ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਜ਼ੀਰੋ ਤੋਂ ਛੇ ਸਾਲ ਤੱਕ ਦੇ ਬੱਚਿਆਂ ਦੇ ਚਹੁੰ ਪੱਖੀ ਵਿਕਾਸ ਦੀ ਜਿੰਮੇਵਾਰੀ ਆਂਗਣਵਾੜੀ ਕੇਂਦਰਾਂ ਦੁਆਰਾ ਦਿੱਤੀਆਂ ਜਾਣ ਵਾਲੀਆਂ ਸੰਗਠਿਤ ਬਾਲ ਵਿਕਾਸ ਸੇਵਾਵਾਂ ਵਿਚ ਛੇ ਸੇਵਾਵਾਂ ਦੇ ਰੂਪ ਵਿਚ ਤੈਅ ਕੀਤੀ ਗਈ ਹੈ ਪਰੰਤੂ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਕੇ ਇਹ ਸੇਵਾਵਾਂ ਨੂੰ ਢਾਹ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਨ 2017 ’ਚ ਯੂਨੀਅਨ ਵਲੋਂ ਕੀਤੇ ਸੰਘਰਸ਼ ਸਦਕਾ ਪ੍ਰੀ ਪ੍ਰਾਇਮਰੀ ਕਲਾਸਾਂ ਨੂੰ ਸਾਂਝੇ ਤੌਰ ’ਤੇ ਚਲਾਉਣ ਦਾ ਫੈਸਲਾ ਲਿਆ ਪਰੰਤੂ ਤਿੰਨ ਸਾਲ ਬੀਤਣ ਦੇ ਬਾਵਜੂਦ ਸਿੱਖਿਆ ਵਿਭਾਗ ਵਲੋਂ ਫੈਸਲਾ ਲਾਗੂ ਨਹੀਂ ਕੀਤਾ ਗਿਆ ਜਿਸ ਕਰਕੇ ਪੰਜਾਬ ਦੀਆਂ 54 ਹਜ਼ਾਰ ਵਰਕਰਾਂ ਦੇ ਰੁਜ਼ਗਾਰ ’ਤੇ ਤਲਵਾਰ ਲਟਕ ਰਹੀ ਹੈ।
ਰੋਸ ਪ੍ਰਦਰਸ਼ਨ ਮਗਰੋਂ ਡਿਪਟੀ ਕਮਿਸ਼ਨਰ ਵਲੋਂ ਯੂਨੀਅਨ ਵਫਦ ਨਾਲ ਗੱਲਬਾਤ ਕਰਦਿਆਂ ਛੇਤੀ ਹੀ ਮੀਟਿੰਗ ਕਰਵਾ ਕੇ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਟਿਆਲਾ, ਫਤਹਿਗੜ੍ਹ ਸਾਹਿਬ, ਮਾਨਸਾ, ਬਰਨਾਲਾ ਜ਼ਿਲ੍ਹਿਆਂ ਦੀਆਂ ਆਗੂਆਂ ਤੋਂ ਇਲਾਵਾ ਸੂਬਾ ਆਗੂ ਅੰਮ੍ਰਿਤਪਾਲ ਕੌਰ, ਬਲਰਾਜ ਕੌਰ, ਗੁਰਮੇਲ ਕੌਰ, ਮਨਦੀਪ ਕੁਮਾਰੀ, ਜਸਵਿੰਦਰ ਕੌਰ, ਬਲਜੀਤ ਕੌਰ, ਅੰਜੂ ਬਾਲਾ, ਕਮਲਜੀਤ ਕੌਰ, ਸਰਬਜੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ।