ਗੁਰਪ੍ਰੀਤ ਦੌਧਰ਼
ਅਜੀਤਵਾਲ, 12 ਅਕਤੂਬਰ
ਸੀਐੱਚਸੀ ਢੁੱਡੀਕੇ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਨੀਲਮ ਭਾਟੀਆ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰੀ ਤੌਰ ’ਤੇ ਕਰਨੀ ਚਾਹੀਦੀ ਹੈ। ਬਲਾਕ ਢੁੱਡੀਕੇ ਵਿੱਚ ਡੇਂਗੂ ਅਤੇ ਮਲੇਰੀਆ ਦੇ ਖਾਤਮੇ ਲਈ ਵਿਭਾਗ ਵੱਲੋਂ ਕੀਤੇ ਜਾਂਦੇ ਕੰਮਾਂ ਦਾ ਨਿਰੀਖਣ ਕਰਨ ਉਪਰੰਤ ਉਨ੍ਹਾਂ ਕਿਹਾ ਕਰੋਨਾ ਮਹਾਮਾਰੀ ਵਾਂਗ ਹੀ ਡੇਂਗੂ ਨੂੰ ਵੀ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ ਇਸ ਤੋਂ ਬਚਾਅ ਰੱਖਣਾ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਘਰਾਂ ਵਿੱਚ ਮੱਛਰ ਪੈਦਾ ਹੋਣ ਤੋਂ ਬਚਾਅ ਰੱਖਣ ਲਈ ਸਫਾਈ ਅਤੇ ਪਾਣੀ ਨੂੰ ਢਕ ਕੇ ਰੱਖਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਸਪਰੇਅ ਦੀ ਮੁਹਿੰਮ ਵੀ ਜੋਰਾਂ ਸ਼ੋਰਾਂ ਨਾਲ ਚਲਾਈ ਜਾ ਰਹੀ ਹੈ। ਫਾਰਮੇਸੀ ਅਫ਼ਸਰ ਰਾਜ ਕੁਮਾਰ ਨੇ ਲੋਕਾਂ ਨੂੰ ਆਲਾ ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਸੁਪਰਵਾਇਜ਼ਰ ਕੁਲਬੀਰ ਸਿੰਘ, ਚਮਕੌਰ ਸਿੰਘ, ਰਣਜੀਤ ਸਿੰਘ ਅਤੇ ਸਮੂਹ ਮਲਟੀਪਰਪਜ਼ ਹੈਲਥ ਵਰਕਰ ਹਾਜ਼ਰ ਸਨ।