ਸੰਜੀਵ ਬੱਬੀ
ਚਮਕੌਰ ਸਾਹਿਬ, 6 ਫਰਵਰੀ
ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਮਗਰੋਂ ਇਸ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੇ ਭੰਗੜੇ ਪਾਏ ਤੇ ਪਟਾਕੇ ਚਲਾਏ। ਪਾਰਟੀ ਵੱਲੋਂ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਹੁੰਦੇ ਹੀ ਹਲਕਾ ਵਾਸੀ ਇੱਥੋਂ ਦੀ ਅਨਾਜ ਮੰਡੀ ਵਿੱਚ ਇਕੱਠੇ ਹੋਏ ਤੇ ਖੁਸ਼ੀ ਸਾਂਝੀ ਕੀਤੀ। ਉਹ ਅਨਾਜ ਮੰਡੀ ਵਿੱਚ ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਦਾ ਸਿੱਧਾ ਪ੍ਰਸਾਰਨ ਦੇਖਣ ਆਏ ਸਨ। ਇਥੇ ਦੋ ਵੱਡੀਆਂ ਸਕਰੀਨਾਂ ਲਾਈਆਂ ਗਈਆਂ ਤੇ ਸ੍ਰੀ ਚੰਨੀ ਦਾ ਪਰਿਵਾਰ ਵੀ ਇਥੇ ਪੁੱਜਾ। ਰੈਲੀ ਦੌਰਾਨ ਰਾਹੁਲ ਗਾਂਧੀ ਵੱਲੋਂ ਜਦੋਂ ਚਰਨਜੀਤ ਸਿੰਘ ਚੰਨੀ ਦਾ ਮੁੱਖ ਮੰਤਰੀ ਵਜੋਂ ਐਲਾਨ ਕੀਤਾ ਤਾਂ ਮੰਡੀ ਦੇ ਪੰਡਾਲ ਵਿੱਚ ਜੈਕਾਰੇ ਲੱਗਣੇ ਸ਼ੁਰੂ ਹੋ ਗਏ।
ਸ੍ਰੀ ਚੰਨੀ ਦੇ ਬੇਟੇ ਨਵਜੀਤ ਨਵੀ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਦੇ ਪਿਤਾ (ਸ੍ਰੀ ਚੰਨੀ) ਦੇ ਹੱਕ ਵਿੱਚ ਆਪਣੀ ਆਵਾਜ਼ ਕਾਂਗਰਸ ਹਾਈਕਮਾਨ ਤੱਕ ਪਹੁੰਚਾਈ। ਉਨ੍ਹਾਂ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਚੇਅਰਮੈਨ ਸੁਨੀਲ ਜਾਖੜ ਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ। ਸ੍ਰੀ ਚੰਨੀ ਦੀ ਪਤਨੀ ਡਾ. ਕੰਵਲਜੀਤ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਪਤੀ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦੀ ਹਨ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਜਿਸ ਤਰ੍ਹਾਂ ਸ੍ਰੀ ਚੰਨੀ ਨੇ 111 ਦਿਨਾਂ ਵਿੱਚ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲਏ ਹਨ, ਹੁਣ ਵੀ ਸਰਕਾਰ ਬਣਨ ’ਤੇ ਪੰਜਾਬ ਵਿੱਚੋਂ ਬੇਰੁਜ਼ਗਾਰੀ, ਨਸ਼ਿਆਂ ਸਮੇਤ ਹਰ ਤਰ੍ਹਾਂ ਦੇ ਮਾਫੀਆ ਨੂੰ ਨੱਥ ਪਾ ਕੇ ਲੋਕਾਂ ਨੂੰ ਬਿਹਤਰ ਸਿੱਖਿਆ ਤੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਸ੍ਰੀ ਚੰਨੀ ਦੇ ਵੱਡੇ ਭਰਾ ਮਨਮੋਹਨ ਸਿੰਘ, ਸੁਖਵੀਰ ਸਿੰਘ ਸੁੱਖਾ ਅਤੇ ਨੂੰਹ ਸਿਮਰਨਧੀਰ ਕੌਰ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਖਰੇਵਿਆਂ ਨੂੰ ਪਾਸੇ ਰੱਖਦੇ ਹੋਏ ਮੁੜ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਬਹੁਮਤ ਨਾਲ ਸਰਕਾਰ ਬਣਾਉਣ।
ਚੰਨੀ ਅੱਜ ਹੋਣਗੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ
ਸ੍ਰੀ ਆਨੰਦਪੁਰ ਸਾਹਿਬ (ਬੀ ਐਸ ਚਾਨਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਜੰਮਪਲ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਕਾਂਗਰਸ ਹਾਈ ਕਮਾਂਡ ਨੇ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਚੰਨੀ ਭਲਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਮੌਕੇ ਹਲਕਾ ਵਾਸੀਆਂ ਨੇ ਲੱਡੂ ਵੰਡ ਕੇ ਤੇ ਆਤਿਸ਼ਬਾਜ਼ੀ ਚਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।