ਖੇਤਰੀ ਪ੍ਰਤੀਨਿਧ
ਪਟਿਆਲਾ, 20 ਅਪੈਰਲ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੇਸ਼ ਦੇ ਕੁਝ ਰਾਜਾਂ ਵਿੱਚ ਕਰੋਨਾ ਵਾਇਰਸ ਦੇ ਮੁੜ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਸਕੂਲੀ ਬੱਚਿਆਂ ਲਈ ਕੋਵਿਡ ਵੈਕਸੀਨੇਸ਼ਨ ਲਾਜ਼ਮੀ ਕਰ ਦਿੱਤਾ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਮਾਸਕ ਪਹਿਨਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਹੈ। ਅੱਜ ਸ਼ਾਮ ਇਥੇ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਕੁਝ ਹੋਰ ਹਦਾਇਤਾਂ ਅਤੇ ਸਾਵਧਾਨੀਆਂ ’ਤੇ ਵੀ ਅਮਲ ਕਰਨ ਲਈ ਆਖਿਆ।
ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ, ਵਰਦੀਆਂ, ਫੀਸਾਂ ਅਤੇ ਸੇਫ਼ ਸਕੂਲ ਵਾਹਨ ਬਾਰੇ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਵੀ ਸਾਂਝੇ ਕੀਤੇ। ਸਿਹਤ ਵਿਭਾਗ ਵੱਲੋਂ ਬੱਚਿਆਂ ਲਈ ਕੋਵਿਡ ਤੋਂ ਬਚਾਅ ਲਈ ਸੁਰੱਖਿਅਤ ਵੈਕਸੀਨ ਬਾਬਤ ਇੱਕ ਪੀਪੀਟੀ ਵੀ ਸਕੂਲਾਂ ਨਾਲ ਸਾਂਝੀ ਕੀਤੀ ਗਈ ਅਤੇ ਦੱਸਿਆ ਕਿ ਇਸ ਵੈਕਸੀਨ ਦਾ ਬੱਚਿਆਂ ਉਪਰ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਏ ਲੌਕਡਾਊਨ ਵਿੱਚ ਸਭ ਤੋਂ ਵੱਧ ਨੁਕਸਾਨ ਬੱਚਿਆਂ ਦੀ ਪੜ੍ਹਾਈ ਦਾ ਹੀ ਹੋਇਆ ਹੈ। ਇਸ ਲਈ ਜੇਕਰ ਹੁਣ ਮੁੜ ਤੋਂ ਕਰੋਨਾ ਦੇ ਮਾਮਲੇ ਵਧਣ ਕਾਰਨ ਲੌਕਡਾਊਨ ਵਰਗੀ ਸਥਿਤੀ ਬਣਦੀ ਹੈ ਤਾਂ ਬੱਚਿਆਂ ਦੇ ਵੈਕਸੀਨ ਲੱਗੀ ਹੋਣੀ ਜ਼ਰੂਰੀ ਹੈ ਤਾਂ ਕਿ ਸਕੂਲ ਬੰਦ ਕਰਨ ਦੀ ਨੌਬਤ ਨਾ ਆਵੇ। ਇਸ ਲਈ ਹਰ ਯੋਗ ਬੱਚੇ ਨੂੰ ਕੋਵਿਡ ਵੈਕਸੀਨ ਲਾਜ਼ਮੀ ਲਗਵਾਈ ਜਾਵੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਡੀ.ਈ.ਓ (ਐਲੀਮੈਂਟਰੀ) ਅਮਰਜੀਤ ਸਿੰਘ ਸਮੇਤ ਜ਼ਿਲ੍ਹੇ ਦੇ ਸਕੂਲ ਮੁਖੀ ਅਤੇ ਪ੍ਰਬੰਧਕ ਮੌਜੂਦ ਸਨ। ਇਨ੍ਹਾਂ ਪਤਵੰਤਿਆਂ ਨੇ ਪ੍ਰਸ਼ਾਸਨ ਨੂੰ ਸਹਿਯੋਗ ਦਾ ਭਰੋਸਾ ਦਿੱਤਾ।