ਦਵਿੰਦਰ ਪਾਲ
ਚੰਡੀਗੜ੍ਹ, 20 ਅਪਰੈਲ
ਪੰਜਾਬ ਪੁਲੀਸ ਵੱਲੋਂ ਸੂਬੇ ਤੋਂ ਬਾਹਰਲੇ ਸਿਆਸਤਦਾਨਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਮਾਮਲਿਆਂ ਕਾਰਨ ਪੁਲੀਸ ਦੀ ਕਾਰਗੁਜ਼ਾਰੀ ਇੱਕ ਵਾਰ ਮੁੜ ਸੁਰਖੀਆਂ ਵਿੱਚ ਆ ਗਈ ਹੈ। ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਮਗਰੋਂ ਦਿੱਲੀ ਤੇ ਹੋਰਨਾਂ ਸੂਬਿਆਂ ਨਾਲ ਸਬੰਧਤ ਖਾਸ ਕਰ ਸਿਆਸੀ ਆਗੂਆਂ ਖ਼ਿਲਾਫ਼ ਪੰਜ ਕੇਸ ਦਰਜ ਹੋ ਚੁੱਕੇ ਹਨ ਤੇ ਇਹ ਸਾਰੇ ਹੀ ਮਾਮਲੇ ਸੋਸ਼ਲ ਮੀਡੀਆ ’ਤੇ ‘ਆਪ’ ਆਗੂਆਂ ਖ਼ਿਲਾਫ਼ ਕੀਤੇ ਭੰਡੀ ਪ੍ਰਚਾਰ ਨਾਲ ਸਬੰਧਤ ਹਨ। ਪੰਜਾਬ ਪੁਲੀਸ ਦੇ ਕਰਾਈਮ ਪੁਲੀਸ ਥਾਣੇ ਵਿੱਚ ਕੁਝ ਮਾਮਲੇ ਦਰਜ ਕਰਨ ਮਗਰੋਂ ਹੁਣ ਰੋਪੜ ਪੁਲੀਸ ਵੀ ਹਰਕਤ ਵਿੱਚ ਆ ਗਈ ਹੈ। ਪੁਲੀਸ ਸੂਤਰਾਂ ਅਨੁਸਾਰ ਅਜਿਹੇ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤਾਂ ਹਨ, ਜਿਨ੍ਹਾਂ ’ਤੇ ਝੂਠਾ ਪ੍ਰਚਾਰ ਕਰਨ ਦੇ ਦੋਸ਼ ਹਨ ਤੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਹੋ ਸਕਦੇ ਹਨ। ਵਿਰੋਧੀ ਪਾਰਟੀਆਂ ਨਾਲ ਸਬੰਧਤ ਇਨ੍ਹਾਂ ਵਿਅਕਤੀਆਂ ’ਤੇ ਦੋਸ਼ ਹੈ ਕਿ ਇਨ੍ਹਾਂ ਨੇ ਬੀਤੇ ਸਮੇਂ ਦੌਰਾਨ ‘ਆਪ’ ਦੇ ਸੀਨੀਅਰ ਆਗੂਆਂ ’ਤੇ ਬਿਨਾਂ ਆਧਾਰ ਤੋਂ ਟੀਕਾ ਟਿੱਪਣੀਆਂ ਕੀਤੀਆਂ ਸਨ। ਪੁਲੀਸ ਦੇ ਖੁਫ਼ੀਆ ਵਿੰਗ ਨਾਲ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਸੱਤਾਧਾਰੀ ਧਿਰ ਜਾਂ ਸਰਕਾਰ ਖ਼ਿਲਾਫ਼ ਝੂਠਾ ਪ੍ਰਚਾਰ ਕਰਨ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ਦਾ ਵਿਸ਼ਲੇਸ਼ਣ ਕੀਤਾ ਜਾਂਦਾ ਹੈ, ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਕਿ ਸੂਬੇ ਤੋਂ ਬਾਹਰਲੇ ਵਿਅਕਤੀਆਂ ਖ਼ਿਲਾਫ਼ ਹੀ ਮਾਮਲੇ ਦਰਜ ਕੀਤੇ ਜਾਂਦੇ ਹਨ, ਜੇਕਰ ਪੰਜਾਬ ਨਾਲ ਸਬੰਧਤ ਕਿਸੇ ਵਿਅਕਤੀ ਵੱਲੋਂ ਕਿਰਦਾਰਕੁਸ਼ੀ ਕਰਨ ਦੇ ਯਤਨ ਕੀਤੇ ਜਾਂਦੇ ਹਨ ਤਾਂ ਅਜਿਹੇ ਸਖ਼ਸ਼ ਖ਼ਿਲਾਫ਼ ਵੀ ਕਾਰਵਾਈ ਹੋ ਸਕਦੀ ਹੈ। ਮਹੱਤਵਪੂਰਨ ਤੱਥ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦਾ ਸੰਭਾਲਣ ਮਗਰੋਂ ਇਹ ਵੀ ਐਲਾਨ ਕੀਤਾ ਸੀ ਕਿ ਕਾਂਗਰਸ ਦੇ ਸਾਸ਼ਨ ਦੌਰਾਨ ਦਰਜ ਹੋਏ ਝੂਠੇ ਮਾਮਲਿਆਂ ਦੀ ਪੜਤਾਲ ਕਰਵਾਈ ਜਾਵੇਗੀ ਤੇ ਇਹ ਮਾਮਲੇ ਰੱਦ ਕੀਤੇ ਜਾਣਗੇ। ਕਾਂਗਰਸ ਦੇ ਸਾਸ਼ਨ ਦੌਰਾਨ ਵਿਰੋਧੀ ਧਿਰ ‘ਆਪ’ ਦੇ ਕਈ ਆਗੂਆਂ ਖ਼ਿਲਾਫ਼ ਕੇਸ ਦਰਜ ਹੋਏ ਸਨ। ਪੰਜਾਬ ਪੁਲੀਸ ਨੇ ਸਭ ਤੋਂ ਪਹਿਲਾਂ ਭਾਜਪਾ ਨਾਲ ਸਬੰਧਤ ਯੂਥ ਆਗੂ ਤੇਜਿੰਦਰ ਬੱਗਾ ਤੇ ਦਿੱਲੀ ਦੇ ਹੀ ਇੱਕ ਹੋਰ ਭਾਜਪਾ ਆਗੂ ਵੱਲੋਂ ‘ਟਵਿੱਟਰ’ ਉਤੇ ਪਾਈਆਂ ਪੋਸਟਾਂ ਕਾਰਨ ਕੇਸ ਦਰਜ ਕੀਤਾ ਸੀ। ਸੂਤਰਾਂ ਅਨੁਸਾਰ ਕੇਂਦਰ ਵਿਚਲੇ ਉੱਚ ਅਧਿਕਾਰੀਆਂ ਨੇ ਵੀ ਝੂਠੇ ਮਾਮਲਿਆਂ ’ਤੇ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਸੀ। ਪੰਜਾਬ ਪੁਲੀਸ ਦੇ ਅਧਿਕਾਰੀਆਂ ਅਨੁਸਾਰ ਸੋਸ਼ਲ ਮੀਡੀਆ ਦੀ ਪੋਸਟ ਦੇ ਆਧਾਰ ’ਤੇ ਸਥਾਨਕ ਪੱਧਰ ਦੇ ਵਿਅਕਤੀ ਮਾਮਲਾ ਪੁਲੀਸ ਦੇ ਧਿਆਨ ’ਚ ਲਿਆਉਣ ਦਾ ਕਾਨੂੰਨੀ ਤੇ ਸੰਵਿਧਾਨਕ ਹੱਕ ਰੱਖਦੇ ਹਨ, ਇਸ ਲਈ ਪੁਲੀਸ ਵੱਲੋਂ ਗੈ਼ਰਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ।
ਵਿਰੋੋਧੀਆਂ ਖ਼ਿਲਾਫ਼ ਪੰਜਾਬ ਪੁਲੀਸ ਦੀ ਵਰਤੋਂ ਕਰ ਰਹੇ ਹਨ ਕੇਜਰੀਵਾਲ: ਚੁੱਘ
ਭਾਰਤੀ ਜਨਤਾ ਪਾਰਟੀ ਨੇ ਦੋਸ਼ ਲਾਇਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਪੰਜਾਬ ਪੁਲੀਸ ਦੀ ਵਰਤੋਂ ਕਰ ਰਹੇ ਹਨ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਸਮੇਤ ਕਈ ਸਿਆਸਤਦਾਨਾਂ ਦੇ ਘਰ ’ਤੇ ਪੰਜਾਬ ਪੁਲੀਸ ਦੇ ਛਾਪੇ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਪੰਜਾਬ ਪੁਲੀਸ ਨੇ ਹੁਣ ਤੱਕ ਦਿੱਲੀ ਅਤੇ ਮਹਾਰਾਸ਼ਟਰ ਵਿੱਚ ਅਜਿਹੇ ਤਿੰਨ ਭਾਜਪਾ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜੋ ਸਿਆਸੀ ਕਾਰਨਾਂ ਕਰਕੇ ਕਦੇ ਪੰਜਾਬ ਨਹੀਂ ਆਏ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਲਗਪਗ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਹਨ। ਜੇਕਰ ਪੁਲੀਸ ਬਲ ਦੀ ਦੁਰਵਰਤੋਂ ਦੀ ਰਵਾਇਤ ਸ਼ੁਰੂ ਹੋ ਗਈ ਤਾਂ ਲੋਕਤੰਤਰ ਵਿੱਚ ਸਿਹਤਮੰਦ ਰਵਾਇਤਾਂ ਨੂੰ ਨੁਕਸਾਨ ਹੋਵੇਗਾ।