ਜੇ.ਬੀ. ਸੇਖੋਂ
ਗੜ੍ਹਸ਼ੰਕਰ, 5 ਫਰਵਰੀ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਇਤਿਹਾਸਕ ਅਸਥਾਨ ਖੁਰਾਲਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਭਾਈ ਕੇਵਲ ਸਿੰਘ ਦੀ ਅਗਵਾਈ ਹੇਠ ਭਗਵੰਤ ਮਾਨ ਨੂੰ ਸਿਰੋਪਾ ਭੇਟ ਕੀਤਾ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹਨੇਰੀ ਚੱਲ ਰਹੀ ਹੈ ਅਤੇ ਪਾਰਟੀ ਸਪੱਸ਼ਟ ਬਹੁਮੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦਿੱਲੀ ਮਾਡਲ ਦੇ ਵਿਕਾਸ ਦੇ ਆਸਰੇ ਲੋਕਾਂ ਨੂੰ ਭਰਮਾਉਣ ਦਾ ਯਤਨ ਕਰ ਰਹੀ ਹੈ ਜੋ ਕਿ ਕਦੇ ਵੀ ਕਾਮਯਾਬ ਨਹੀਂ ਹੋਵੇਗਾ। ਉਨ੍ਹਾਂ ਅਕਾਲੀ ਦਲ ’ਤੇ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਦਲ ਭਾਜਪਾ ਦੀ ‘ਬੀ’ ਟੀਮ ਹੈ ਜਿਸ ਨੇ ਪੰਜਾਬ ਦੀ ਫਸਲ ਅਤੇ ਨਸਲ ਦਾ ਘਾਣ ਕੀਤਾ ਹੈ ਅਤੇ ਸੂਬੇ ਵਿੱਚ ਅਕਾਲੀ ਦਲ-ਬਸਪਾ ਗਠਜੋੜ ਨੂੰ ਲੋਕ ਨਕਾਰ ਰਹੇ ਹਨ। ਉਨ੍ਹਾਂ ਕਿਹਾ ਕਿ ਮੀਨਾਰੇ ਬੇਗਮਪੁਰਾ ਖੁਰਾਲਗੜ੍ਹ ਸਾਹਿਬ ਵਿੱਚ ਰੁਕੇ ਹੋਏ ਵਿਕਾਸ ਕਾਰਜ ਇਸ ਗੱਲ ਦੀ ਗਵਾਹੀ ਹਨ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਦੀਆਂ ਨੀਤੀਆਂ ਵਿੱਚ ਕੋਈ ਫਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਨੂੰ ਜਾਣ ਵਾਲੀ ਗੜ੍ਹਸ਼ੰਕਰ-ਨੰਗਲ ਸੜਕ ’ਤੇ ਥਾਂ ਥਾਂ ਖੱਡੇ ਪਏ ਹਨ ਅਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਨੇ ਵੋਟਰਾਂ ਨੂੰ ਗੜ੍ਹਸ਼ੰਕਰ ਹਲਕੇ ਤੋਂ ਉਮੀਦਵਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਪਾਰਟੀ ਦੇ ਸਥਾਨਕ ਹਲਕੇ ਤੋਂ ਉਮੀਦਵਾਰ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ, ਵਿਧਾਇਕ ਰੂਪਨਗਰ ਅਮਰਜੀਤ ਸਿੰਘ ਸੰਦੋਆ, ਹਰਜੋਤ ਸਿੰਘ ਬੈਂਸ ਉਮੀਦਵਾਰ ਹਲਕਾ ਆਨੰਦਪੁਰ ਸਾਹਿਬ, ਚਰਨਜੀਤ ਸਿੰਘ ਚੰਨੀ, ਵੀਰ ਸਿੰਘ ਹਰਵਾਂ ਤੇ ਜਸਪਾਲ ਸਿੰਘ ਬਿੱਟ ਹਾਜ਼ਰ ਸਨ।