ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਓਟੀਟੀ ਪਲੇਟਫਾਰਮਾਂ (ਆਨਲਾਈਨ ਸਟ੍ਰੀਮਿੰਗ) ਨੂੰ ਨੇਮਬੱਧ ਕਰਨ ਨਾਲ ਸਬੰਧਤ ਦੇਸ਼ ਦੇ ਕਈ ਹਾਈ ਕੋਰਟਾਂ ਵਿਚ ਚੱਲ ਰਹੀ ਸੁਣਵਾਈ ਉਤੇ ਰੋਕ ਲਾ ਦਿੱਤੀ ਹੈ। ਜਸਟਿਸ ਡੀ.ਵਾਈ. ਚੰਦਰਚੂੜ ਨੂੰ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਸਿਖ਼ਰਲੀ ਅਦਾਲਤ ਵੱਲੋਂ ਪਹਿਲਾਂ ਦਿੱਤੇ ਹੁਕਮਾਂ ਦੇ ਬਾਵਜੂਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਇਸ ਮਾਮਲੇ ਉਤੇ ਸੁਣਵਾਈ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਸਾਰੀਆਂ ਪਟੀਸ਼ਨਾਂ ਨੂੰ ਇਕ ਕਰਨ ਬਾਰੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਟਰਾਂਸਫਰ ਪਟੀਸ਼ਨ ਦਾਇਰ ਕੀਤੀ ਸੀ। ਇਸ ’ਤੇ ਸਿਖ਼ਰਲੀ ਅਦਾਲਤ ਨੇ ਨੋਟਿਸ ਜਾਰੀ ਕੀਤਾ ਸੀ।
ਬੈਂਚ ਨੇ ਕਿਹਾ ਕਿ ਟਰਾਂਸਫਰ ਪਟੀਸ਼ਨ ਉਤੇ ਨੋਟਿਸ ਕੱਢਣ ਦਾ ਮਤਲਬ ਸੁਣਵਾਈ ਉਤੇ ਰੋਕ ਹੁੰਦਾ ਹੈ। ਮਹਿਤਾ ਨੇ ਕਿਹਾ ਕਿ ਵੱਖ-ਵੱਖ ਹਾਈ ਕੋਰਟਾਂ ਵਿਚ ਇਸ ਮੁੱਦੇ ’ਤੇ ਨਵੀਆਂ ਪਟੀਸ਼ਨਾਂ ਦਾਇਰ ਹੋ ਰਹੀਆਂ ਹਨ।
-ਪੀਟੀਆਈ