ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਸਤੰਬਰ
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ 22 ਸਤੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਤੋਂ ਪਹਿਲਾਂ ਅੱਜ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਅਤੇ ਵਿਕਾਸ਼ ਸਿੰਘ ਨੂੰ ਜਨਰਲ ਸਕੱਤਰ ਨਾਮਜ਼ਦ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਪੁਰਾਣੇ ਪ੍ਰਧਾਨ ਸਤਵੰਤ ਸਿੰਘ ਨੇ ਕੀਤੀ ਹੈ। ਇਸ ਤੋਂ ਇਲਾਵਾ ਪੀਐੱਸਜੀਪੀਸੀ ਦੀ ਵੈੱਬਸਾਈਟ ’ਤੇ ਵੀ ਇਸ ਬਾਰੇ ਖ਼ੁਲਾਸਾ ਕੀਤਾ ਗਿਆ ਹੈ।
ਇਸ ਸਬੰਧੀ ਅੱਜ ਲਾਹੌਰ ਵਿੱਚ ਈਟੀਪੀਬੀ ਅਤੇ ਪੀਐੱਸਜੀਪੀਸੀ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਇਹ ਫ਼ੈਸਲਾ ਗਿਆ। ਮੀਟਿੰਗ ਮਗਰੋਂ ਦੱਸਿਆ ਗਿਆ ਕਿ ਪੀਐੱਸਜੀਪੀਸੀ ਦੀ ਇਹ ਚੋਣ ਅਗਲੇ ਕਾਰਜਕਾਲ ਲਈ ਸਰਬਸੰਮਤੀ ਨਾਲ ਕੀਤੀ ਗਈ ਹੈ। ਇਸ ਮੌਕੇ ਨਵੇਂ ਚੁਣੇ ਗਏ ਦੋਵੇਂ ਅਹੁਦੇਦਾਰਾਂ ਨੇ ਸਾਬਕਾ ਪ੍ਰਧਾਨ ਸਤਵੰਤ ਸਿੰਘ ਵੱਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਇਹ ਕਾਰਜ ਇਸੇ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ। ਸਾਬਕਾ ਪ੍ਰਧਾਨ ਨੇ ਦੱਸਿਆ ਕਿ ਇਹ ਬਦਲਾਅ ਆਪਸੀ ਸਹਿਮਤੀ ਨਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰਜਕਾਲ ਦੇ ਬਾਕੀ ਰਹਿੰਦੇ ਸਮੇਂ ਲਈ ਅਮੀਰ ਸਿੰਘ ਸੰਸਥਾ ਦੇ ਪ੍ਰਧਾਨ ਹੋਣਗੇ। ਉਨ੍ਹਾਂ ਅਨੁਸਾਰ ਇਸ ਕਾਰਜਕਾਲ ਦਾ ਸਮਾਂ ਅਗਲੇ ਵਰ੍ਹੇ ਜੂਨ ਮਹੀਨੇ ਤੱਕ ਹੈ।