ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 13 ਸਤੰਬਰ
ਪੰਜਾਬ ਦੇ ਠੇਕਾ ਮੁਲਾਜ਼ਮਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝ ਗਈ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਠੇਕਾ ਮੁਲਾਜ਼ਮਾਂ ਨੂੰ 30 ਸਤੰਬਰ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਹੈ।
ਮੰਤਰੀ ਨਾਲ ਹੋਈ ਪੈਨਲ ਮੀਟਿੰਗ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ, ਸ਼ੇਰ ਸਿੰਘ ਲੌਂਗੋਵਾਲ, ਜਸਪ੍ਰੀਤ ਸਿੰਘ ਗਗਨ ਅਤੇ ਜਗਸੀਰ ਸਿੰਘ ਭੰਗੂ ਸਣੇ ਪ੍ਰਸੋਨਲ ਵਿਭਾਗ ਦੇ ਸਕੱਤਰ ਰਜਤ ਅਗਰਵਾਲ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ, ਐਚਓਡੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਪੁਲ ਉੱਜਵਲ ਆਦਿ ਅਧਿਕਾਰੀ ਮੌਜੂਦ ਸਨ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸੰਘਰਸ਼ ਮੋਰਚੇ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਰੈਗੂਲਰ ਕਰਨ ਸਣੇ ਹੋਰ ਮੰਗਾਂ ਦੀ ਪੂਰਤੀ ਲਈ ਅੱਜ ਤੋਂ ਧੂਰੀ ਵਿੱਚ ਸੰਗਰੂਰ-ਲੁਧਿਆਣਾ ਮਾਰਗ ਜਾਮ ਕਰ ਕੇ ਲੜੀਵਾਰ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ। ਇਸ ਮਗਰੋਂ ਅੱਜ ਵਿੱਤ ਮੰਤਰੀ ਤੇ ਹੋਰ ਉੱਚ ਅਧਿਕਾਰੀਆਂ ਨੇ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਵੱਖ-ਵੱਖ ਵਿਭਾਗਾਂ ਵਿੱਚ ਆਊਟਸੋਰਸ, ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ।
ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਠੇਕਾ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਮੁਲਾਜ਼ਮ ਪੱਖੀ ਦਲੀਲਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ 30 ਸਤੰਬਰ ਤੱਕ ਸੰਘਰਸ਼ ਕਮੇਟੀ ਦੇ ਮੋਹਰੀ ਆਗੂਆਂ ਨਾਲ ਮੁੜ ਮੀਟਿੰਗ ਕਰ ਕੇ ਜਾਇਜ਼ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਹੋਈਆਂ ਕੁੱਲ ਸਹਿਮਤੀਆਂ ਦੀ ਪ੍ਰੋਸੀਡਿੰਗ 15 ਸਤੰਬਰ ਤੱਕ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਸਰਕਾਰੀ ਭਰੋਸੇ ਤੋਂ ਬਾਅਦ ਸੰਘਰਸ਼ ਕਮੇਟੀ ਨੇ ਅੱਜ ਤੋਂ ਸ਼ੁਰੂ ਕੀਤੇ ਜਾਣ ਵਾਲਾ ਲੜੀਵਾਰ ਸੰਘਰਸ਼ ਨੂੰ 30 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਜੇ 30 ਤੱਕ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜ ਅਕਤੂਬਰ ਨੂੰ ਦਸਹਿਰੇ ਮੌਕੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣਗੇ ਤੇ ਸੱਤ ਅਕਤੂਬਰ ਨੂੰ ਧੂਰੀ ਵਿੱਚ ਮੁੱਖ ਮਾਰਗ ਜਾਮ ਕੀਤਾ ਜਾਵੇਗਾ।