ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਅਗਸਤ
ਇਥੋਂ ਦੀ ਇਕ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਯੋਗੇਂਦਰ ਯਾਦਵ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਵਕੀਲ ਸੁਰਿੰਦਰ ਸ਼ਰਮਾ ਨੇ ਤਿੰਨੋਂ ਆਗੂਆਂ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕੀਤਾ ਸੀ। ਸ਼ਾਹਦਰਾ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਰਹੇ ਸੁਰਿੰਦਰ ਕੁਮਾਰ ਸ਼ਰਮਾ ਨੇ ਦੋਸ਼ ਲਾਇਆ ਸੀ ਕਿ ‘ਆਪ’ ਨੇ 2013 ’ਚ ਉਨ੍ਹਾਂ ਨਾਲ ਸੰਪਰਕ ਕਰਕੇ ਦਿੱਲੀ ਵਿਧਾਨ ਸਭਾ ਚੋਣਾਂ ’ਚ ਹਿੱਸਾ ਲੈਣ ਲਈ ਕਿਹਾ ਸੀ। ਸ਼ਰਮਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਗਾਇਆ ਸੀ ਕਿ ‘ਆਪ’ ਨੇ ਉਨ੍ਹਾਂ ਨੂੰ 2013 ’ਚ ਸ਼ਾਹਦਰਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਕੇਜਰੀਵਾਲ ਨੇ 14 ਅਕਤੂਬਰ, 2013 ਨੂੰ ਪ੍ਰਮੁੱਖ ਅਖਬਾਰਾਂ ’ਚ ਛਪੀ ਰਿਪੋਰਟ ’ਚ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਅਤੇ ਮਾੜੇ ਸ਼ਬਦਾਂ ਦੀ ਵਰਤੋਂ ਕੀਤੀ ਸੀ। ਉਸ ਮੁਤਾਬਕ ਕੇਜਰੀਵਾਲ ਅਤੇ ਸਿਸੋਦੀਆ ਦੀ ਇਸ ਕਾਰਵਾਈ ਨੇ ਬਾਰ ਐਸੋਸੀਏਸ਼ਨ ਅਤੇ ਸਮਾਜ ਵਿੱਚ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚਾਈ ਸੀ। ਰੋਜ਼ ਐਵੇਨਿਊ ਅਦਾਲਤ ਨੇ ਇਸ ਮਾਮਲੇ ’ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਬਰੀ ਕਰ ਦਿੱਤਾ।