ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 24 ਸਤੰਬਰ
ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਨਵੀਂ ਲਿਫਟ ਲਗਾਈ ਗਈ ਹੈ, ਜਿਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਕੀਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਜਦੋਂਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿਚ ਸਿਹਤ ਸਹੂਲਤਾਂ ਨੂੰ ਦਰਕਿਨਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਸਟਮ ਨੂੰ ਸੁਧਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ ਅਤੇ ਜਿੱਥੇ ਵੀ ਡਾਕਟਰਾਂ ਦੀ ਘਾਟ ਹੁੰਦੀ ਹੈ ਉੱਥੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਖ਼ੁਦ ਜਾ ਕੇ ਜਾਇਜ਼ਾ ਲੈਂਦੇ ਹਨ ਅਤੇ ਡਾਕਟਰਾਂ ਦੀ ਘਾਟ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿਚ ਸ੍ਰੀ ਜੌੜੇਮਾਜਰਾ ਨੇ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਦਾ ਦੌਰਾ ਵੀ ਕੀਤਾ ਸੀ, ਜਿਸ ਦਾ ਅਸਰ ਅੱਜ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਸ੍ਰੀ ਗੈਰੀ ਬੜਿੰਗ ਨੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।