ਡੀਪੀਐੱਸ ਬੱਤਰਾ
ਸਮਰਾਲਾ, 4 ਮਾਰਚ
ਇੱਥੇ ਅੱਜ ਪੰਜਾਬ ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਅੱਜ ਸਮਰਾਲਾ ਦੇ ਐੱਸਡੀਐੱਮ ਦਫਤਰ ਸਾਹਮਣੇ ਇਕੱਠੇ ਹੋ ਕੇ ਧਰਨਾ ਲਗਾਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਬਾਅਦ ਵਿੱਚ ਐੱਸਡੀਐੱਮ ਸਮਰਾਲਾ ਰਾਹੀਂ ਰਾਸ਼ਟਰਪਤੀ ਦੇ ਨਾਂ ਆਪਣੀਆਂ ਮੰਗਾਂ ਸਬੰਧੀ ਮੈਮੋਰੰਡਮ ਦਿੱਤਾ ਗਿਆ। ਇਸ ਮੈਮੋਰੰਡਮ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਤੇ ਚੰਡੀਗੜ੍ਹ ਦੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਗਿਆ। ਬੀਕੇਯੂ ਏਕਤਾ (ਸਿੱਧੂਪੁਰ) ਦੇ ਆਗੂਆਂ ਦੀ ਅਗਵਾਈ ’ਚ ਅੱਜ ਕਿਸਾਨਾਂ ਨੇ ਸਮਰਾਲਾ ਦੇ ਕੁੱਬੇ ਟੌਲ ਪਲਾਜ਼ਾ ’ਤੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇੱਥੇ ਅੱਜ ਇਲਾਕੇ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਅਗਵਾਈ ’ਚ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਜਗਰਾਉਂ (ਜਸਬੀਰ ਸ਼ੇਤਰਾ): ਇਥੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨੇ ਕਿਸਾਨਾਂ ਸਣੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਨੇ ਐੱਸਡੀਐੱਮ ਰਾਹੀਂ ਰਾਸ਼ਟਰਪਤੀ ਦੇ ਨਾਂ ਭੇਜੇ ਮੰਗ ਪੱਤਰ ’ਚ ਭਾਖੜਾ ਡੈਮ ਵਾਲਾ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ। ਅਜਿਹਾ ਨਾ ਹੋਣ ’ਤੇ ਕਿਸਾਨ ਮੋਰਚੇ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਫ਼ੈਸਲਾ ਵਾਪਸ ਨਾ ਲੈਣ ਦੀ ਸੂਰਤ ’ਚ ਕੇਂਦਰ ਸਰਕਾਰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਸੱਤ ਮਾਰਚ ਦੇ ਘਿਰਾਓ ਲਈ ਕਿਸਾਨ ਆਗੂਆਂ ਵੱਲੋਂ ਵਿਉਂਤਬੰਦੀ
ਗੁਰੂਸਰ ਸੁਧਾਰ (ਸੰਤੋਖ ਗਿੱਲ): ਕਿਸਾਨ ਜਥੇਬੰਦੀਆਂ ਵੱਲੋਂ 7 ਮਾਰਚ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਦੇ ਪ੍ਰੋਗਰਾਮ ਦੀ ਸਫਲਤਾ ਲਈ ਅੱਜ ਪਿੰਡ ਭੱਠਧੂਹਾ ਵਿਚ ਕਿਸਾਨ ਆਗੂਆਂ ਦੀ ਮੀਟਿੰਗ ਵਿਚ ਵਿਉਂਤਬੰਦੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ 7 ਮਾਰਚ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਮੀਟਿੰਗ ਨੂੰ ਜਥੇਬੰਦੀ ਸੂਬਾਈ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਸੰਬੋਧਨ ਕੀਤਾ। ਜ਼ਿਲ੍ਹਾ ਆਗੂ ਸੁਖਮਿੰਦਰ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ 8 ਮਾਰਚ ਨੂੰ ਕੌਮਾਂਤਰੀ ਇਸਤਰੀ ਦਿਵਸ ਪਿੰਡ ਕਮਾਲਪੁਰਾ ਵਿਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਜਥੇਬੰਦੀ ਵੱਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਪਿੰਡ ਲੋਧੀਵਾਲ ਵਿਚ ਮਨਾਉਣ ਦਾ ਵੀ ਫ਼ੈਸਲਾ ਕੀਤਾ ਗਿਆਾਅ ਰਾਏਕੋਟ (ਰਾਮ ਗੋਪਾਲ ਰਾਏਕੋਟੀ): ਇੱਥੇ ਅੱਜ ਬੀਕੇਯੂ ਡਕੌਂਦਾ ਬਲਾਕ ਰਾਏਕੋਟ ਦੀ ਮੀਟਿੰਗ ਗੁਰਦੁਆਰਾ ਸਤਰੰਜਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਬੱਸੀਆਂ ਵਿੱਚ ਮਹਿੰਦਰ ਸਿੰਘ ਕਮਾਲਪੁਰਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਬਲਾਕ ਰਾਏਕੋਟ ਦੀਆਂ ਸਮੂਹ ਇਕਾਈਆਂ ਨੂੰ 7 ਮਾਰਚ ਮੁੱਲਾਂਪੁਰ ਵਾਲੀ ਹਵੇਲੀ ਕੋਲ ਝੰਡਿਆਂ ਸਮੇਤ ਸਵੇਰੇ ਠੀਕ 10.30 ਵਜੇ ਪਹੁੰਚਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ 8 ਮਾਰਚ ਨੂੰ ਪਿੰਡ ਕਮਾਲਪੁਰਾ ਦੇ ਗੁਰਦੁਆਰਾ ਜੋ ਤਲਵੰਡੀ ਰਾਏ ਰੋਡ ਉੱਪਰ ਸਥਿਤ ਹੈ ਵਿੱਚ ਕੌਮਾਂਤਰੀ ਮਹਿਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ।