ਪੱਤਰ ਪ੍ਰੇਰਕ
ਅੰਮ੍ਰਿਤਸਰ, 19 ਅਪਰੈਲ
ਪਾਕਿਸਤਾਨ ਵਿਚ ਘੱਟ ਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਛਪੀਆਂ ਖ਼ਬਰਾਂ ਅਨੁਸਾਰ ਪਾਕਿ ਦੇ ਪਹਿਲੇ ਸਿੱਖ ਪੁਲੀਸ ਅਧਿਕਾਰੀ ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟ ਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ, ਜਿਨ੍ਹਾਂ ਤੋਂ ਸਪੱਸ਼ਟ ਹੈ ਕਿ ਉੱਥੇ ਸਿੱਖ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿੱਚ ਵੱਸਦੇ ਲੋਕਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਜ਼ਿੰਮੇਵਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਲਾਬ ਸਿੰਘ ਸ਼ਾਹੀਨ ਬਾਰੇ ਪਾਕਿਸਤਾਨ ਸਰਕਾਰ ਨੂੰ ਤੁਰੰਤ ਸਪੱਸ਼ਟ ਕਰਨਾ ਚਾਹੀਦਾ ਹੈ।