ਜਸਵੰਤ ਜੱਸ
ਫਰੀਦਕੋਟ, 7 ਜਨਵਰੀ
ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦਰਮਿਆਨ ਪੈਦਾ ਹੋਏ ਵਿਵਾਦ ਸਬੰਧੀ ਕੁਝ ਤਸਵੀਰਾਂ ਅਤੇ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਨਹੀਂ ਬਲਕਿ ਭਾਜਪਾ ਵਰਕਰਾਂ ਨੇ ਰੋਕਿਆ ਸੀ ਅਤੇ ਇਹ ਸਾਜਿਸ਼ ਦਾ ਹਿੱਸਾ ਹੈ।
ਜਥੇਬੰਦੀ ਨੇ ਆਖਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦੇ ਲੰਬੇ ਅੰਦੋਲਨ ਕਾਰਨ ਭਾਜਪਾ ਦਾ ਵਜੂਦ ਪੰਜਾਬ ਵਿੱਚੋਂ ਖ਼ਤਮ ਹੋ ਗਿਆ ਹੈ ਅਤੇ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਰੈਲੀ ਵਿੱਚ ਬਿਲਕੁਲ ਵੀ ਲੋਕਾਂ ਦਾ ਇਕੱਠ ਨਹੀਂ ਹੋਇਆ। ਜਥੇਬੰਦੀ ਨੇ ਕਿਹਾ ਕਿ ਭਾਜਪਾ ਨੇ ਇਸ ਨਮੋਸ਼ੀ ਤੋਂ ਬਚਣ ਲਈ ਪ੍ਰਧਾਨ ਮੰਤਰੀ ਦੇ ਕਾਫ਼ਲੇ ਸਬੰਧੀ ਬੇਲੋੜੇ ਵਿਵਾਦ ਪੈਦਾ ਕਰਕੇ ਪੰਜਾਬ ਅਤੇ ਪੰਜਾਬੀਅਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਥੇਬੰਦੀ ਦੇ ਸੂਬਾਈ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਗੱਡੀਆਂ ਨਜ਼ਦੀਕ ਭਾਜਪਾ ਆਗੂ ਤੇ ਵਰਕਰ ਝੰਡਿਆਂ ਸਮੇਤ ਨਾਅਰੇ ਲਾਉਂਦੇ ਨਜ਼ਰ ਆ ਰਹੇ ਹਨ। ਜਦੋਂਕਿ ਉੱਥੇ ਕੋਈ ਵੀ ਕਿਸਾਨੀ ਝੰਡਾ ਮੌਜੂਦ ਨਹੀਂ। ਸ੍ਰੀ ਰਜਿੰਦਰ ਅਤੇ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਰਵੱਈਆ ਰੰਜਿਸ਼ ਵਾਲਾ ਹੈ। ਇਸੇ ਤਹਿਤ ਪੰਜਾਬ ਨੂੰ ਬਦਨਾਮ ਕਰਨ ਲਈ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੀ ਸੁਰੱਖਿਆ ’ਚ ਖਾਮੀਆਂ ਦੀਆਂ ਝੂਠੀਆਂ ਖਬਰਾਂ ਫੈਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਆਸੀ ਆਗੂ ਭਗਵੰਤ ਮਾਨ, ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੇ ਵੀ ਘਟਨਾ ਦੀ ਅਸਲੀਅਤ ਜਾਣੇ ਬਿਨਾਂ ਭਾਜਪਾ ਦੇ ਦਾਅਵਿਆਂ ਨਾਲ ਸਹਿਮਤੀ ਜਤਾਈ, ਜੋ ਨਿੰਦਣਯੋਗ ਹੈ।
ਕਿਰਤੀ ਕਿਸਾਨ ਯੂਨੀਅਨ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਭਗਵੰਤ ਮਾਨ ਜੇਕਰ ਬਿਨਾਂ ਸ਼ਰਤ ਪੰਜਾਬੀਆਂ ਤੋਂ ਮੁਆਫ਼ੀ ਨਹੀਂ ਮੰਗਦੇ ਤਾਂ ਇਹ ਗੱਲ ਸਪੱਸ਼ਟ ਹੋ ਜਾਵੇਗੀ ਕਿ ਇਹ ਆਗੂ ਪੰਜਾਬ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ 13 ਮਹੀਨਿਆਂ ਤੱਕ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਰੁਲਦੇ ਰਹੇ ਹਨ ਅਤੇ 700 ਕਿਸਾਨਾਂ ਨੂੰ ਅੰਦੋਲਨ ਦੌਰਾਨ ਸ਼ਹੀਦ ਹੋਣਾ ਪਿਆ। ਇਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਕੇਂਦਰ ਅਤੇ ਭਾਜਪਾ ਸਰਕਾਰ ਬੇਹੱਦ ਗੁੱਸਾ ਹੈ। ਇਸੇ ਕਰਕੇ ਹੁਣ ਭਾਜਪਾ ਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਬਦਨਾਮ ਕਰਨ ਲਈ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਖਿਲਾਫ਼ ਕੂੜ ਪ੍ਰਚਾਰ ਤੁਰੰਤ ਬੰਦ ਹੋਣਾ ਚਾਹੀਦਾ ਹੈ।