ਖੇਤਰੀ ਪ੍ਰਤੀਨਿਧ
ਬਰਨਾਲਾ, 9 ਦਸੰਬਰ
ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐੱਨਐੱਚਐੱਮ) ਮੁਲਾਜ਼ਮਾਂ ਨੇ ਅੱਜ ਸਥਾਨਕ ਸਿਵਲ ਹਸਪਤਾਲ ਦੇ ਪਾਰਕ ਵਿੱਚ ਜ਼ਿਲ੍ਹਾ ਪੱਧਰੀ ਇਕੱਤਰਤਾ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਭਲਕੇ 10 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਉੱਪ ਮੁੱਖ ਮੰਤਰੀ ਕਮ ਸਿਹਤ ਮੰਤਰੀ ਓਪੀ ਸੋਨੀ ਖਿਲਾਫ਼ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਮੁਜ਼ਾਹਰੇ ਵਿੱਚ ਭਰਵੀਂ ਸ਼ਿਰਕਤ ਯਕੀਨੀ ਬਨਾਉਣ ਦਾ ਅਹਿਦ ਲਿਆ। ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐਚਓ, ਹਰਜੀਤ ਸਿੰਘ, ਯਾਦਵਿੰਦਰ ਸਿੰਘ, ਮਨਜਿੰਦਰ ਸਿੰਘ, ਨਵਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਸਿਹਤ ਵਿਭਾਗ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੇ ਹਨ ਜਿਸ ਕਾਰਨ ਸਿਹਤ ਵਿਭਾਗ ਦੇ ਮੁਲਾਜ਼ਮ ਅਤੇ ਮਰੀਜ਼ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।
ਮਹਿਲ ਕਲਾਂ (ਪੱਤਰ ਪ੍ਰੇਰਕ): ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਲਈ ਹੜਤਾਲ ’ਤੇ ਚੱਲ ਰਹੇ ਐੱਨਐੱਚਐੱਮ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਜਨਤਕ ਜਮਹੂਰੀ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਐੱਨਐੱਚਐੱਮ ਕਾਮਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ।
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹੜਤਾਲ ਜਾਰੀ
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਆਂਗਣਵਾੜੀ ਵਰਕਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤੇ ਜਾਣ ਸਮੇਤ 19 ਸੂਤਰੀ ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰ ਤੇ ਹੈਲਪਰ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਕਈ ਕਰਮਚਾਰੀ ਜਥੇਬੰਦੀਆਂ ਨੇ ਹੜਤਾਲ ਦੀ ਹਮਾਇਤ ਕੀਤੀ ਹੈ। ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਸੈਂਟਰਾਂ ਦਾ ਜਿੰਦਰੇ ਨਹੀਂ ਖੋਲ੍ਹੇ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਹੜਤਾਲ ਕਰਕੇ ਮਿਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸਰਵ ਕਰਮਚਾਰੀ ਸੰਘ ਸਮੇਤ ਕਈ ਜਥੇਬੰਦੀਆਂ ਨੇ ਆਂਗਣਵਾੜੀ ਵਰਕਰਾਂ ਦੀ ਹੜਤਾਲ ਦੀ ਹਮਾਇਤ ਦਾ ਐਲਾਨ ਕੀਤਾ ਹੈ।