ਮੁਕੇਸ਼ ਕੁਮਾਰ
ਚੰਡੀਗੜ੍ਹ, 17 ਮਈ
ਚੰਡੀਗੜ੍ਹ ਨਗਰ ਨਿਗਮ ਵੱਲੋਂ ਘਰਾਂ ਤੋਂ ਕੂੜਾ ਇਕੱਤਰ ਕਰਨ ਲਈ ਵਸੂਲੀ ਜਾਣ ਵਾਲੀ ਫੀਸ ਵਿੱਚ ਕੀਤੇ ਗਏ ਪੰਜ ਫ਼ੀਸਦ ਵਾਧੇ ਦਾ ਚੰਡੀਗੜ੍ਹ ਯੂਥ ਕਾਂਗਰਸ ਨੇ ਵਿਰੋਧ ਕੀਤਾ ਹੈ। ਯੂਥ ਕਾਂਗਰਸ ਨੇ ਅੱਜ ਮੇਅਰ ਸਰਬਜੀਤ ਕੌਰ ਨੂੰ ਇਸ ਵਾਧੇ ਦੇ ਖ਼ਿਲਾਫ ਮੰਗ ਪੱਤਰ ਦਿੱਤਾ ਅਤੇ ਵਾਧਾ ਵਾਪਸ ਲੈਣ ਦੀ ਮੰਗ ਕੀਤੀ। ਇਸੇ ਦੌਰਾਨ ਪਿੰਡਾਂ ਦੇ ਦੁਕਾਨਦਾਰਾਂ ਤੋਂ ਵਸੂਲੇ ਜਾਣ ਵਾਲੇ ਪ੍ਰਾਪਰਟੀ ਟੈਕਸ ਦੇ ਫੈਸਲੇ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ।
ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਨਾ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਵਫਦ ਨੇ ਮੇਅਰ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਸ੍ਰੀ ਲੁਬਾਣਾ ਨੇ ਦੱਸਿਆ ਕਿ ਮੇਅਰ ਸਰਬਜੀਤ ਕੌਰ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਮੇਅਰ ਨੂੰ ਕਿਹਾ ਕਿ ਨਿਗਮ ਵਿੱਚ ਸ਼ਾਮਲ ਕੀਤੇ ਗਏ ਪਿੰਡਾਂ ਦਾ ਪਹਿਲਾਂ ਵਿਕਾਸ ਹੋਣਾ ਚਾਹੀਦਾ ਹੈ ਅਤੇ ਇੱਥੇ ਬਿਹਤਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਇਸ ਤੋਂ ਬਾਅਦ ਹੀ ਕੋਈ ਟੈਕਸ ਲਗਾਇਆ ਜਾਣਾ ਚਾਹੀਦਾ ਹੈ। ਸ੍ਰੀ ਲੁਬਾਨਾ ਨੇ ਕਿਹਾ ਕਿ ਸਫ਼ਾਈ ਦੇ ਮਾਮਲੇ ਵਿੱਚ ਚੰਡੀਗੜ੍ਹ ਦਾ ਅਕਸ ਖ਼ਰਾਬ ਹੋ ਰਿਹਾ ਹੈ ਅਤੇ ਸਵੱਚ ਸਰਵੇਖਣ ਵਿੱਚ ਸ਼ਹਿਰ ਦੀ ਰੈਂਕਿੰਗ ਹੇਠਾਂ ਡਿੱਗ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਗਾਰਬੇਜ ਫੀਸ ਵਿੱਚ ਪੰਜ ਫ਼ੀਸਦ ਵਾਧਾ ਕਰਕੇ ਸ਼ਹਿਰ ਵਾਸੀਆਂ ’ਤੇ ਆਰਥਿਕ ਬੋਝ ਪਾ ਦਿੱਤਾ ਹੈ ਜਦੋਂ ਕਿ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ।
ਯੂਥ ਕਾਂਗਰਸ ਦੇ ਅਹੁਦੇਦਾਰਾਂ ਨੇ ਮੇਅਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋ ਜਾਣਗੇ।