ਜਗਮੋਹਨ ਸਿੰਘ
ਰੂਪਨਗਰ, 3 ਫਰਵਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਅਦਾਕਾਰ ਯੋਗਰਾਜ ਸਿੰਘ ਨਾਲ ਵਰ੍ਹਦੇ ਮੀਂਹ ਵਿੱਚ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਵੱਲੋਂ ਅੱਜ ਬਾਅਦ ਦੁਪਹਿਰ ਬ੍ਰਾਹਮਣ ਮਾਜਰਾ, ਮੰਦਵਾੜਾ ਤੇ ਰੰਗੀਲਪੁਰ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਆਪ ਵੱਲੋਂ ਬਦਲਾਅ ਲਿਆਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਪਰ ਚਮਕੌਰ ਸਾਹਿਬ ਹਲਕੇ ਲਈ ਬਦਲਾਅ ਤਾਂ ਪਹਿਲਾਂ ਹੀ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਨਾਲ ਆ ਚੁੱਕਿਆ ਹੈ। ਉਨ੍ਹਾਂ ਆਪਣੇ ਵੱਲੋਂ ਕਰਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਦਾ ਕੋਈ ਵੀ ਐਸਾ ਪਿੰਡ ਨਹੀਂ ਹੈ ਜਿਸ ਨੂੰ ਇੱਕ ਕਰੋੜ ਰੁਪਏ ਤੋਂ ਘੱਟ ਗ੍ਰਾਂਟ ਪ੍ਰਾਪਤ ਹੋਈ ਹੋਵੇ। ਉਨ੍ਹਾਂ ਲੋਕਾਂ ਨੂੰ ਇੱਕ ਪੰਜਾਬੀ ਕਹਾਵਤ ਦਾ ਹਵਾਲਾ ਦਿੰਦਿਆਂ ਆਪ ਨੂੰ ਵੋਟਾਂ ਨਾ ਪਾਉਣ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਝਾੜੂ ਖੜ੍ਹਾ ਕਰਨ ਨਾਲ ਘਰ ਵਿੱਚ ਕਲੇਸ਼ ਪੈਦਾ ਹੋ ਜਾਂਦਾ ਹੈ, ਉਸੇ ਤਰ੍ਹਾਂ ਹੀ ਆਪ ਨੂੰ ਵੋਟਾਂ ਪਾਉਣ ਤੋਂ ਬਾਅਦ ਉਨ੍ਹਾਂ ਨੂੰ ਪਛਤਾਉਣਾ ਪਵੇਗਾ। ਇਸ ਦੌਰਾਨ ਅਦਾਕਾਰ ਯੋਗਰਾਜ ਸਿੰਘ ਨੇ ਕਾਂਗਰਸ ਪਾਰਟੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ ਦੇ ਲੋਕਾਂ ਨੂੰ ਅਸਲ ਮਾਅਨਿਆਂ ਵਿੱਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਪ੍ਰਾਪਤ ਹੋਵੇਗਾ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਜਸਵੰਤ ਸਿੰਘ ਬਾਵਾ, ਰੁਪਿੰਦਰ ਸਿੰਘ ਰਾਜੂ, ਜਤਿੰਦਰ ਸਿੰਘ, ਬਲਵਿੰਦਰ ਸਿੰਘ, ਨਰੇਸ਼ ਕੁਮਾਰ ਬ੍ਰਾਹਮਣ ਮਾਜਰਾ, ਸਤਨਾਮ ਸਿੰਘ, ਬਲਵਿੰਦਰ ਸਿੰਘ ਰਾਣਾ ਆਦਿ ਹਾਜ਼ਰ ਸਨ ।
ਡਾ. ਕਮਲਜੀਤ ਕੌਰ ਨੇ ਪਤੀ ਲਈ ਘਰ-ਘਰ ਵੋਟਾਂ ਮੰਗੀਆਂ
ਇਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਡਾ. ਕਮਲਜੀਤ ਕੌਰ ਨੇ ਅੱਜ ਮਾਣਕਮਾਜਰਾ, ਸਿੰਬਲ ਝੱਲੀਆਂ ਅਤੇ ਲਖਮੀਪੁਰ ਵਿਖੇ ਆਪਣੇ ਪਤੀ ਲਈ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਤੀ ਵੱਲੋਂ ਬਤੌਰ ਮੁੱਖ ਮੰਤਰੀ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਪੂਰੀ ਵਾਹ ਲਾਈ ਗਈ ਹੈ, ਫਿਰ ਵੀ ਜੇਕਰ ਕੋਈ ਕਮੀ ਰਹਿ ਗਈ ਤਾਂ ਉਸ ਨੂੰ ਕਾਂਗਰਸ ਸਰਕਾਰ ਦੇ ਮੁੜ ਸੱਤਾ ਵਿੱਚ ਆਉਣ ਉਪਰੰਤ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਸਰਪੰਚ ਮੇਹਰ ਸਿੰਘ ਲਖ਼ਮੀਪੁਰ ਤੇ ਉਨ੍ਹਾਂ ਦੀ ਪਤਨੀ ਬਲਵਿੰਦਰ ਕੌਰ ਤੋਂ ਇਲਾਵਾ ਪੰਚ ਹਰਜੀਤ ਕੌਰ, ਬੇਅੰਤ ਕੌਰ, ਅਮਨਦੀਪ ਕੌਰ, ਕੁਲਦੀਪ ਕੌਰ, ਮਨਜੀਤ ਕੌਰ, ਗੁਰਮੇਲ ਕੌਰ ,ਕੁਲਵੰਤ ਕੌਰ ,ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।