ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਫਰਵਰੀ
ਸੰਯੁਕਤ ਕਿਸਾਨ ਮੋਰਚੇ ਨੇ ਤੇਲ ਕੀਮਤਾਂ ’ਚ ਲਗਾਤਾਰ ਕੀਤੇ ਜਾ ਰਹੇ ਵਾਧੇ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨੀਂ ਚੜ੍ਹਨ ਦਾ ਖਮਿਆਜ਼ਾ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਸਹਿਣਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਧੀਆਂ ਤੇਲ ਕੀਮਤਾਂ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਘੱਟੋ ਘੱਟ ਸਮਰਥਨ ਮੁੱਲ ਤੋਂ ਹੇਠਾਂ ਵੇਚਣੀ ਪੈ ਰਹੀ ਹੈ। ਮੋਰਚੇ ਦੀ ਕਮੇਟੀ ਦੇ ਮੈਂਬਰ ਡਾ. ਦਰਸ਼ਨਪਾਲ ਨੇ ਕਿਹਾ ਕਿ ਅੱਜ ਝੱਜਰ ਅਤੇ ਰੇਵਾੜੀ ’ਚ ਤੇਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਭਰ ਦੇ ਕਿਸਾਨਾਂ ਨੂੰ 23 ਫਰਵਰੀ ਨੂੰ ‘ਪਗੜੀ ਸੰਭਾਲ’ ਦਿਵਸ ਮਨਾਉਂਦਿਆਂ ਦਿੱਲੀ ਮੋਰਚਿਆਂ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।