ਪੱਤਰ ਪ੍ਰੇਰਕ
ਅਜਨਾਲਾ, 3 ਫਰਵਰੀ
ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਨੀਆਂ ਹੋਈਆਂ ਮੰਗਾਂ ’ਤੇ ਗੌਰ ਨਾ ਕਰਨ ਦੇ ਰੋਸ ਵਜੋਂ ਅਜਨਾਲਾ ਸ਼ਹਿਰ ਕੋਲ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ’ਚ ਕਿਸਾਨਾਂ ਨੇ ਵਰ੍ਹਦੇ ਮੀਂਹ ’ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਯੂਨੀਅਨ ਦੇ ਸੂਬਾ ਪ੍ਰਧਾਨ ਧਨਵੰਤ ਸਿੰਘ ਖ਼ਤਰਾਏ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਿਆਂ ਨੂੰ ਐੱਮ.ਐੱਸ.ਪੀ. ਸਬੰਧੀ ਕਮੇਟੀ ਬਣਾਉਣ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਾ ਕਰਕੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਗਿਆ ਹੈ, ਜਿਸ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ ਤੇ ਆਉਣ ਵਾਲੇ ਸਮੇਂ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਬਣਾਈ ਗਈ ਨੀਤੀ ਅਨੁਸਾਰ ਸੰਘਰਸ਼ ਅਰੰਭਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਲਹਿਰ ਦੇ ਸ਼ਹੀਦ ਕਾਮਰੇਡ ਬਲਦੇਵ ਸਿੰਘ ਮਾਨ, ਸਰਬਜੀਤ ਸਿੰਘ ਭਿੱਟੇਵੱਡ, ਕਾਮਰੇਡ ਦਾਤਾਰ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਅਜਨਾਲਾ ਤੋਂ ਅੰਮ੍ਰਿਤਸਰ ਮੁੱਖ ਸੜਕ ਤੇ ਸਥਿਤ ਅੱਡਾ ਕੁੱਕੜਾਂਵਾਲਾ ਦੇ ਖੇਡ ਸਟੇਡੀਅਮ ਵਿੱਚ 27 ਫਰਵਰੀ ਨੂੰ ਬੜੀ ਸ਼ਰਧਾ ਨਾਲ ਮਨਾਈ ਜਾਵੇਗੀ ਜਿਸ ’ਚ ਵੱਖ ਵੱਖ ਕਿਸਾਨ ਆਗੂ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਕਿਸਾਨੀ ਹਿੱਤਾਂ ਦੀ ਰਾਖੀ ਕਰਨ ਲਈ ਵਿਚਾਰ ਪੇਸ਼ ਕਰਨਗੇ।