ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 19 ਅਗਸਤ
ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੀਆਂ ਪੰਚਾਇਤਾਂ ਤੇ ਪਿੰਡਾਂ ਵਾਸੀਆਂ ਨਾਲ ਸਿੱਧਾ ਰਾਬਤਾ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਲਈ ‘ਜਨਤਕ ਮਿਲਣੀ’ ਲੜੀ ਤਹਿਤ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ-ਚੰਡੀਗੜ੍ਹ ਮੁੱਖ ਮਾਰਗ ਤੇ ਪਿੰਡ ਸਮੁੰਦੜਾ ਵਿਖੇ ‘ਜਨਤਕ ਮਿਲਣੀ’ ਕੀਤੀ। ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਰੌੜੀ ਨੇ ਇਸ ਦੌਰਾਨ ਦੋ ਦਰਜਨ ਤੋਂ ਵੱਧ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਤੋਂ ਪਿੰਡਾਂ ’ਚ ਹੋਣ ਵਾਲੇ ਕੰਮਾਂ ਸਬੰਧੀ ਮੰਗ ਪੱਤਰ ਲਏ। ਉਨ੍ਹਾਂ ਨੇ ਇਸ ਦੌਰਾਨ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੁੱਝ ਪਿੰਡਾਂ ਦੇ ਮਸਲੇ ਮੌਕੇ ’ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਬੋਲਦਿਆਂ ਸ੍ਰੀ ਰੌੜੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਦੂਸਰੀ ਵਾਰੀ ਵਿਧਾਨ ਸਭਾ ਵਿੱਚ ਪਹੁੰਚਾਇਆ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਮਾਣ ਬਖਸ਼ਿਆ, ਉਸ ਲਈ ਉਹ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ਤੇ ਪੂਰੇ ਖਰੇ ਉੱਤਰਨਗੇ ਤੇ ਵਿਕਾਸ ਕਾਰਜਾਂ ਚ ਕੋਈ ਕਮੀ ਨਹੀਂ ਛੱਡਣਗੇ। ਇਸ ਮੌਕੇ ਹਾਜ਼ਰ ਸਾਰੀਆਂ ਪੰਚਾਇਤਾਂ ਨੇ ਆਪੋ-ਆਪਣੇ ਮੰਗ ਪੱਤਰ ਪੜ੍ਹਕੇ ਸੁਣਾਏ ਤੇ ਜਲਦੀ ਮਸਲੇ ਹੱਲ ਕਰਨ ਲਈ ਅਪੀਲ ਕੀਤੀ। ਇਸ ਮੌਕੇ ਸਰਪੰਚ ਬਲਦੀਪ ਸਿੰਘ ਇਬਰਾਹੀਮ ਪੁਰੀ,ਚਰਨਜੀਤ ਸਿੰਘ ਚੰਨੀ,ਨਰਿੰਦਰ ਚੱਕ ਸਿੰਘਾ, ਜੋਗਿੰਦਰ ਸਿੰਘ ਪ੍ਰਧਾਨ ਪੰਚਾਇਤ ਯੂਨੀਅਨ, ਦਲਜੀਤ ਸਿੰਘ ਖੱਖ ਡੀਐੱਸਪੀ ਗੜ੍ਹਸ਼ੰਕਰ, ਡਾ. ਰਾਮ ਲਾਲ ਆਦਿ ਆਗੂਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।