ਦੇਵਿੰਦਰ ਸਿੰਘ ਜੱਗੀ
ਪਾਇਲ, 9 ਅਕਤੂਬਰ
ਬਹੁਜਨ ਸਮਾਜ ਪਾਰਟੀ ਵੱਲੋਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਅਧੀਨ ਪੈਂਦੇ ਹਲਕਿਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪਾਇਲ ਵਿਖੇ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਘੁਟਾਲਾ, ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਦਾ ਵਿਰੋਧ ਕੀਤਾ ਗਿਆ ਅਤੇ ਬਾਬੂ ਕਾਂਸ਼ੀ ਰਾਮ ਨੂੰ ਯਾਦ ਕਰਦਿਆਂ ਇੱਕ ਭਰਵਾਂ ਇਕੱਠ ਕੀਤਾ ਗਿਆ। ਅੱਗੇ ਆ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। ਬਸਪਾ ਵਰਕਰਾਂ ਵੱਲੋਂ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਜੈ ਭੀਮ, ਜੈ ਭਾਰਤ ਦੇ ਜ਼ੋਰਦਾਰ ਨਾਅਰੇ ਲਗਾ ਕੇ ਰੋਸ ਮਾਰਚ ਕੀਤਾ ਗਿਆ ਤੇ ਐੱਸਡੀਐੱਮ ਪਾਇਲ ਨੂੰ ਇੱਕ ਮੰਗ ਪੱਤਰ ਸੌਪਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੇਂਦਰ ਤੇ ਪੰਜਾਬ ਸਰਕਾਰ ਤੇ ਤੰਨਜ਼ ਕਸਦਿਆਂ ਕਿਹਾ ਕਿ ਇਨ੍ਹਾਂ ਜ਼ਾਲਮ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਨੇ ਸੂਬੇ ਨੂੰ ਕੰਗਾਲੀ ਦੇ ਕੰਢੇ ’ਤੇ ਲਿਆ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਜਾਤ-ਪਾਤ ਤੋਂ ਮੁਕਤ ਹੋ ਕੇ ਚੱਲਣ ਦਾ ਸੰਦੇਸ਼ ਦਿੱਤਾ ਸੀ, ਪਰ ਅਜੇ ਤੱਕ ਵੀ ਇਸ ਕੋਹੜ ਤੋਂ ਸਮਾਜ ਆਜ਼ਾਦ ਨਹੀਂ ਹੋ ਸਕਿਆ ਹੈ। ਉਨ੍ਹਾਂ ਸ਼ਕਾਲਰਸ਼ਿਪ ਮਾਮਲੇ ’ਤੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੂੰ ਬਚਾਉਣ ਲਈ ਸਰਕਾਰ ਨੇ ਕਲੀਨ ਚਿੱਟ ਦੇ ਕੇ ਗਰੀਬ ਵਿਦਿਆਰਥੀਆਂ ਨਾਲ ਧ੍ਰੋਹ ਕਮਾਇਆ ਹੈ। ਸੂਬਾ ਪ੍ਰਧਾਨ ਗੜ੍ਹੀ ਨੇ ਅੱਗੇ ਕਿਹਾ ਕਿ ਬਾਬੂ ਕਾਸ਼ੀ ਰਾਮ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ 2022 ਦੀਆਂ ਚੋਣਾਂ ਵਿੱਚ ਬਸਪਾ ਦੀ ਸਰਕਾਰ ਬਣਾਉਣ ਲਈ ਇੱਕਜੁੱਟ ਹੋਣਾ ਲਾਜ਼ਮੀ ਹੈ।
ਭਾਜਪਾ ਐੱਸਸੀ ਮੋਰਚਾ ਵੱਲੋਂ ਚੱਕਾ ਜਾਮ ਅੱਜ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਭਾਜਪਾ ਐੱਸਸੀ ਮੋਰਚਾ ਵੱਲੋਂ ਕੇਂਦਰੀ ਪੋਸਟ ਸਕਾਲਰਸ਼ਿਪ ਯੋਜਨਾ ਵਿੱਚ ਹੋਏ ਘੁਟਾਲੇ ਦੀ ਸੀਬੀਆਈ ਜਾਂਚ ਕਰਾਉਣ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿੱਚ 10 ਅਕਤੂਬਰ ਨੂੰ ਸੰਤ ਸਮਾਜ ਨਾਲ ਮਿਲ ਕੇ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸੂਬਾ ਪ੍ਰਧਾਨ ਰਾਜ ਕੁਮਾਰ ਅਟਵਾਲ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਸਕਾਲਰਸ਼ਿਪ ਯੋਜਨਾ ਵਿੱਚ ਕੀਤੀ ਹੇਰਾਫੇਰੀ ਨਾਲ ਦਲਿਤ ਵਰਗ ਦੇ ਹਜ਼ਾਰਾਂ ਵਿਦਿਆਰਥੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਤਰੀ ਧਰਮਸੋਤ ਨੂੰ ਦਿੱਤੀ ਕਲੀਨ ਚਿੱਟ ਨਾਲ ਸਮੁੱਚੇ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਘਪਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਐਸਸੀ ਮੋਰਚਾ ਵੱਲੋਂ ਜ਼ੋਰਦਾਰ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਤਹਿਤ 10 ਅਕਤੂਬਰ ਨੂੰ ਚੱਕਾ ਜਾਮ ਕੀਤਾ ਜਾਵੇਗਾ।