ਪੱਤਰ ਪ੍ਰੇਰਕ
ਮਾਨਸਾ, 5 ਜਨਵਰੀ
ਡੀਸੀ ਮਹਿੰਦਰ ਪਾਲ ਨੇ ਦੱਸਿਆ ਕਿ ਕਰੋਨਾ ਦੀ ਤੀਜੀ ਲਹਿਰ ਅਤੇ ਓਮੀਕਰੋਨ ਦੇ ਪ੍ਰਕੋਪ ਤੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਅਤੇ ਹੋਰ ਵਧੇਰੇ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟੈਲੀਫੋਨ ਨੰਬਰ 01652-232900 ਅਤੇ 01652-227056 ’ਤੇ ਜ਼ਿਲ੍ਹਾ ਵਾਸੀ 24 ਘੰਟੇ ਟੀਕਾਕਰਨ ਅਤੇ ਹੋਰ ਸਿਹਤ ਸੇਵਾਵਾਂ ਸਬੰਧੀ ਰਾਬਤਾ ਕਰ ਸਕਦੇ ਹਨ।
ਸਿਵਲ ਸਰਜਨ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ 15 ਤੋਂ 18 ਸਾਲ ਦੇ ਬੱਚਿਆਂ ਲਈ ਵੀ ਵੈਕਸੀਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਆਪਣੇ ਬੱਚਿਆਂ ਦੀ ਬੇਝਿਜਕ ਹੋ ਕੇ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ। ਸਿਹਤ ਵਿਭਾਗ ਨੂੰ ਮਿਲੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ 6 ਕੇਸਾਂ ਦੇ ਮਾਮਲੇ ਹਾਲੇ ਤੱਕ ਕੋਈ ਓਮੀਕਰੋਨ ਦਾ ਮਾਮਲਾ ਨਜ਼ਰ ਨਹੀਂ ਆਇਆ, ਪਰ ਬਾਹਰਲੇ ਮੁਲਕ ਤੋਂ ਆਏ 2 ਵਿਅਕਤੀਆਂ ਦੇ ਕਰੋਨਾ ਪਾਜ਼ੇਟਿਵ ਮਿਲਣ ਤੋਂ ਬਾਅਦ ਹੁਣ ਉਨ੍ਹਾਂ ਦਾ ਓਮੀਕਰੋਨ ਟੈਸਟ ਵੀ ਕਰਵਾਇਆ ਜਾ ਰਿਹਾ ਹੈ, ਜਿਸ ਦੀ ਰਿਪੋਰਟ ਆਉਂਦੇ ਦਿਨਾਂ ਵਿੱਚ ਆਵੇਗੀ। ਸਿਹਤ ਵਿਭਾਗ ਦੇ ਹੱਥ ਮਾਨਸਾ ਨਾਲ ਸਬੰਧਤ ਕਰੋਨਾ ਦੇ 6 ਕੇਸ ਲੱਗੇ ਹਨ, ਜਿਨ੍ਹਾਂ ਵਿੱਚ 5 ਵਿਅਕਤੀਆਂ ਨੂੰ ਸਥਾਨਕ ਹਸਪਤਾਲ ਅਤੇ 1 ਲੜਕੀ ਨੂੰ ਡੀਐਮਸੀ ਲੁਧਿਆਣਾ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਕਿਸੇ ਹੋਰ ਬਿਮਾਰੀ ਕਾਰਨ ਲੁਧਿਆਣਾ ਦੇ ਡੀਐਮਸੀ ਵਿੱਚ ਦਾਖਲ ਹੋਈ ਸੀ, ਜਿੱਥੇ ਉਸਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਬਾਹਰੋਂ ਆਏ ਦੋ ਵਿਅਕਤੀਆਂ ਦੀ ਰਿਪੋਰਟ ਲਈ ਓਮੀਕਰੋਨ ਟੈਸਟ ਕਰਵਾਇਆ ਜਾ ਰਿਹਾ ਹੈ।