ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 31 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਾਲੀ ਸਾੜਨ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਤਹਿਤ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ’ਤੇ ਸਮੂਹ ਐੱਸਡੀਐੱਮਜ਼ ਵੱਲੋਂ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਸਮੇਤ ਬਹੁ ਗਿਣਤੀ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਸਵੈਇੱਛਾ ਨਾਲ ਪਰਾਲੀ ਨਾ ਸਾੜਨ ਦੀ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਿਹਾ ਹੈ। ਇਸ ਤੋਂ ਇਲਾਵਾ ਸਮੂਹ ਪਿੰਡਾਂ ਵਿੱਚ ਧਾਰਮਿਕ ਸਥਾਨਾਂ ਰਾਹੀਂ ਜਾਗਰੂਕਤਾ ਹਿੱਤ ਅਨਾਊਂਸਮੈਂਟ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਪੱਖੀ ਸੋਚ ਨੂੰ ਅਪਣਾਉਂਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਸਰਕਾਰ ਦੀ ਇਸ ਲੋਕ ਪੱਖੀ ਮੁਹਿੰਮ ਵਿੱਚ ਵਧ-ਚੜ੍ਹ ਕੇ ਸਹਿਯੋਗ ਦੇਣ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਉਪ ਮੰਡਲ ਮੈਜਿਸਟਰੇਟ ਵੱਲੋਂ ਪਿੰਡ ਖੁਰਾਣਾ, ਬਲਵਾੜ ਕਲਾਂ, ਬਲਵਾੜ ਖੁਰਦ, ਕਨੋਈ, ਖੇਤਲਾ, ਢੰਡੋਲੀ ਕਲਾਂ, ਕੜਿਆਲ, ਜਨਾਲ, ਸੰਗਤਪੁਰਾ, ਲਡਾਲ, ਭੁਟਾਲ ਕਲਾਂ, ਚੋਟੀਆਂ, ਸਲੇਮਗੜ੍ਹ ਆਦਿ ਦਰਜਨਾਂ ਪਿੰਡਾਂ ਦੇ ਦੌਰੇ ਕਰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਾਏ ਖੇਤਾਂ ਵਿੱਚ ਵਾਹੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਕਰਕੇ ਜ਼ਮੀਨ ਦੀ ਬਣਤਰ ਵਿੱਚ ਸੁਧਾਰ ਕਰ ਕੇ ਚੰਗੀ ਪੈਦਾਵਾਰ ਕਰਨ ਅਤੇ ਵਾਤਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ।