ਖੇਤਰੀ ਪ੍ਰਤੀਨਿਧ
ਬਰਨਾਲਾ, 31 ਅਕਤੂਬਰ
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸਨ ਤੰਦਰੁਸਤ ਪੰਜਾਬ’ ਤਹਿਤ ਡੀ.ਸੀ. ਬਰਨਾਲਾ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸਾਂ ਅਧੀਨ ਸਿਹਤ ਵਿਭਾਗ ਵੱਲੋਂ ਬਰਨਾਲਾ ਵਾਸੀਆਂ ਨੂੰ ਮਿਆਰੀ ਖਾਣ ਵਾਲੇ ਪਦਾਰਥ ਅਤੇ ਮਠਿਆਈਆਂ ਉਪਲੱਬਧ ਕਰਵਾਉਣ ਲਈ ਦੁਕਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਸਪ੍ਰੀਤ ਸਿੰਘ ਗਿੱਲ ਅਤੇ ਫੂਡ ਸੇਫਟੀ ਅਫ਼ਸਰ ਜਸਵਿੰਦਰ ਸਿੰਘ ਦੀ ਟੀਮ ਵੱਲੋਂ ਮਠਿਆਈਆਂ ਅਤੇ ਖਾਣ ਵਾਲੀਆਂ ਵਸਤਾਂ ਦੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਕੋਈ ਵੀ ਦੁਕਾਨਦਾਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰ ਸਕੇ। ਡਾ. ਜਸਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਦੀਆਂ ਦੁਕਾਨਾਂ ਦੀ ਚੈਕਿੰਗ ਦੌਰਾਨ ਖੋਆ, ਗੁਲਾਬ ਜਾਮੁਨ, ਜਲੇਬੀ, ਮਿਲਕ ਕੇਕ, ਮਲਾਈ ਬਰਫ਼ੀ ਆਦਿ ਦੇ ਸੈਂਪਲ ਲੈ ਕੇ ਨਿਰੀਖਣ ਲਈ ਸਟੇਟ ਫੂਡ ਲੈਬਾਰਟਰੀ ਖਰੜ ਭੇਜ ਦਿੱਤੇ ਗਏ ਹਨ। ਫੂਡ ਸੇਫ਼ਟੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਤਿਓਹਾਰਾਂ ਨੂੰ ਧਿਆਨ ਚ ਰੱਖਦਿਆਂ ਸਿਹਤ ਵਿਭਾਗ ਵੱਲੋਂ 22 ਸੈਂਪਲ ਲਏ ਜਾ ਚੁੱਕੇ ਹਨ ਅਤੇ 40 ਕਿਲੋ ਖਰਾਬ ਮਠਿਆਈ ਨਸ਼ਟ ਕਰਵਾਈ ਜਾ ਚੁੱਕੀ ਹੈ। ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ 3 ਕੇਸ ਸੀ ਜੇ ਐਮ ਬਰਨਾਲਾ ਦੀ ਅਦਾਲਤ ਵਿੱਚ ਦਾਇਰ ਕੀਤੇ ਜਾ ਚੁੱਕੇ ਹਨ। ਦੁਕਾਨਦਾਰਾਂ ਨੂੰ ਲਗਾਤਾਰ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਮਠਿਆਈ ਦੀ ਬਣਾਉਣ ਦੀ ਮਿਤੀ ਅਤੇ ਸਹੀ ਵਰਤੋਂ ਦੀ ਮਿਤੀ ਜ਼ਰੂਰ ਲਿਖ ਕੇ ਰੱਖਣ। ਮਠਿਆਈ ਬਣਾਉਣ ਸਮੇਂ ਜ਼ਿਆਦਾ ਰੰਗ ਜਾਂ ਹੋਰ ਕਿਸੇ ਤਰ੍ਹਾਂ ਦੇ ਕੈਮੀਕਲ ਦੀ ਵਰਤੋਂ ਨਾਂ ਕੀਤੀ ਜਾਵੇ।