ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 5 ਜਨਵਰੀ
ਫ਼ਿਰੋਜ਼ਪੁਰ ਵਿੱਚ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕੇ ਜਾਣ ਤੋਂ ਬਾਅਦ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਕਾਫ਼ੀ ਤਲਖ ਨਜ਼ਰ ਆਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਮਾਹੌਲ ਵਿਗਾੜਨਾ ਚਾਹੁੰਦੀ ਹੈ ਤੇ ਸਾਲ 1984 ਵਾਲੇ ਦੰਗੇ ਮੁੜ ਦੁਹਰਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਅੱਜ ਦੀ ਘਟਨਾ ਦੀ ਪੂਰੀ ਰਿਪੋਰਟ ਚੌਵੀ ਘੰਟੇ ਦੇ ਅੰਦਰ-ਅੰਦਰ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਇਸ ਘਟਨਾ ਦੇ ਲਈ ਜੋ ਵੀ ਅਧਿਕਾਰੀ ਜ਼ਿੰਮੇਵਾਰ ਹੋਵੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਇੱਕ ਪੁਲੀਸ ਅਧਿਕਾਰੀ ਦੇ ਖ਼ਿਲਾਫ਼ ਫਰਜ਼ੀ ਕਾਰਵਾਈ ਕਰਕੇ ਆਪਣਾ ਪੱਲਾ ਨਹੀਂ ਝਾੜ ਸਕਦੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਰਾਹ ਰੋਕਣ ਵਾਲੇ ਕਿਸਾਨ ਨਹੀਂ ਸਨ, ਉਹ ਕਾਂਗਰਸ ਵਰਕਰ ਸਨ, ਜਿਨ੍ਹਾਂ ਨੂੰ ਮੁੱਖ ਮੰਤਰੀ ਚੰਨੀ ਵੱਲੋਂ ਭੇਜਿਆ ਗਿਆ ਸੀ। ਸ੍ਰੀਮਤੀ ਲੇਖੀ ਨੇ ਮੁੱਖ ਮੰਤਰੀ ਚੰਨੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਵੀ ਰਾਜਨੀਤੀ ਜਾਣਦੇ ਹਨ ਤੇ ਇਸ ਦਾ ਜਵਾਬ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਆ ਕੇ ਦਿੱਤਾ ਜਾਵੇਗਾ।