ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 31 ਜਨਵਰੀ
ਉੱਤਰ ਪ੍ਰਦੇਸ਼ ਦੀ ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਨੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਆਖਿਆ ਕਿ ਉਹ ਪਾਕਿਸਤਾਨ ਦੇ ਇਤਿਹਾਸ ਤੋਂ ਕੁਝ ਸਿੱਖਣ ਨਹੀਂ ਤਾਂ ਹੁਣ ਇਸ ਤੋਂ ਵੀ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਦੀ ਹਮਾਇਤ ਵੀ ਕੀਤੀ। ਉਹ ਆਪਣੀ ਜਥੇਬੰਦੀ ਦੇ ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਆਗੂਆਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਏ ਸੀ। ਉਨ੍ਹਾਂ ਇੱਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਭੀਮ ਆਰਮੀ ਦੇ ਮੁਖੀ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਆਰਐੱਸਐੱਸ ਵੱਲੋਂ ਲੋਕਾਂ ਨੂੰ ਧਰਮ ਦੇ ਨਾਂ ‘ਤੇ ਵੰਡਣ ਦਾ ਯਤਨ ਕੀਤਾ ਜਾ ਰਿਹਾ ਹੈ ਜਿਸ ਤੋਂ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ, ਜਿੱਥੇ ਵੱਖ-ਵੱਖ ਧਰਮਾਂ ਦੇ ਲੋਕ ਰਹਿੰਦੇ ਹਨ। ਇੱਥੋਂ ਦੇ ਲੋਕਾਂ ਨੂੰ ਆਪੋ-ਆਪਣੇ ਧਰਮਾਂ ਅਨੁਸਾਰ ਪੂਜਾ ਕਰਨ ਅਤੇ ਇਸ ਨੂੰ ਅਗਾਂਹ ਵਧਾਉਣ ਦਾ ਸੰਵਿਧਾਨਕ ਹੱਕ ਪ੍ਰਾਪਤ ਹੈ। ਉਨ੍ਹਾਂ ਯਾਦ ਕਰਾਇਆ ਕਿ ਇਸ ਤੋਂ ਪਹਿਲਾਂ ਵੀ ਧਰਮ ਦੇ ਨਾਂ ‘ਤੇ ਇਕ ਮੁਲਕ ਪਾਕਿਸਤਾਨ ਬਣਿਆ ਸੀ ਜਿਸ ਦਾ ਮਨੁੱਖਤਾ ਨੂੰ ਵੱਡਾ ਖਮਿਆਜ਼ਾ ਭੁਗਤਣਾ ਪਿਆ। ਜੇਕਰ ਹੁਣ ਮੁੜ ਅਜਿਹਾ ਹੁੰਦਾ ਹੈ ਤਾਂ ਹੁਣ ਉਸ ਤੋਂ ਵੀ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੀ ਹਮਾਇਤ ਕਰਦਿਆਂ ਕਿਹਾ ਕਿ ਕਾਨੂੰਨ ਮੁਤਾਬਕ ਹਰੇਕ ਅਪਰਾਧ ਦੀ ਸਜ਼ਾ ਦੀ ਮਿਆਦ ਨਿਰਧਾਰਤ ਹੈ। ਜੋ ਇਹ ਸਜ਼ਾ ਪੂਰੀ ਕਰ ਚੁੱਕਾ ਹੈ, ਉਸ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਬੰਦ ਰੱਖਣਾ ਕਾਨੂੰਨ ਦੀ ਉਲੰਘਣਾ ਹੈ। ਉਨ੍ਹਾਂ ਸਰਕਾਰਾਂ ਨੂੰ ਆਖਿਆ ਕਿ ਉਹ ਆਪਣੇ ਸਿਆਸੀ ਹਿੱਤਾਂ ਨੂੰ ਪਿਛਾਂਹ ਰੱਖ ਕੇ ਮਨੁੱਖੀ ਹਿੱਤਾਂ ਦਾ ਧਿਆਨ ਰੱਖ ਕੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਕਈ ਸਵਾਲਾਂ ਦੇ ਜਵਾਬ ਮਿਲੇ ਹਨ, ਜਿਨ੍ਹਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਸਿੱਖੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦੇ ਕਾਰਨਾਂ ਬਾਰੇ ਵੀ ਪਤਾ ਲੱਗਾ ਹੈ। ਸ੍ਰੀ ਆਜ਼ਾਦ ਨੇ ਆਖਿਆ ਕਿ ਅੱਜ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਮਨੁੱਖਤਾ ਦੀ ਭਲਾਈ ਅਤੇ ਲੋਕਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰਖਣ ਲਈ ਆਸ਼ੀਰਵਾਦ ਪ੍ਰਾਪਤ ਕੀਤਾ ਹੈ।
ਮਨੁੱਖਤਾ ਦੇ ਭਲੇ ਦੀ ਲੜਾਈ ‘ਚ ਜਥੇਦਾਰ ਵੱਲੋਂ ਆਜ਼ਾਦ ਨੂੰ ਸਹਿਯੋਗ ਦਾ ਭਰੋਸਾ
ਮੁਖੀ ਚੰਦਰ ਸ਼ੇਖਰ ਆਜ਼ਾਦ ਨੇ ਦੱਸਿਆ ਕਿ ਜਥੇਦਾਰ ਹਰਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਮਨੁੱਖਤਾ ਦੇ ਭਲੇ ਦੀ ਲੜਾਈ ‘ਚ ਸਿੱਖਾਂ ਵੱਲੋਂ ਉਨ੍ਹਾਂ ਨੂੰ ਸਹਿਯੋਗ ਮਿਲਦਾ ਰਹੇਗਾ। ਇਸ ਮੌਕੇ ਸ੍ਰੀ ਆਜ਼ਾਦ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਨਮਾਨ ਵੀ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਭਰੋਸਾ ਦਿੱਤਾ ਕਿ ਦੱਬੇ-ਕੁਚਲੇ ਲੋਕਾਂ ਦੀ ਭਲਾਈ ਲਈ ਲੜੇ ਜਾ ਰਹੇ ਸੰਘਰਸ਼ ਵਿਚ ਸ਼੍ਰੋਮਣੀ ਕਮੇਟੀ ਸਹਿਯੋਗ ਦੇਵੇਗੀ।