ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਜੁਲਾਈ
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੰਗਰੂਰ ਇਕਾਈ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਤਹਿਤ ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ।
ਪ੍ਰਿੰਸੀਪਲ ਜੋਗਾ ਸਿੰਘ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਤਰਕਸ਼ੀਲਤਾ ਤੇ ਵਿਗਿਆਨਕ ਨਜ਼ਰੀਏ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ-ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿੱਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵਿਗਿਆਨਕ ਤੌਰ ’ਤੇ ਜਾਗਰੂਕ ਹੋ ਕੇ ਤੇ ਨੈਤਿਕ ਕਦਰਾਂ-ਕੀਮਤਾਂ ਅਪਣਾ ਕੇ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਹਿੰਮਤ, ਲਗਨ, ਲਗਾਤਾਰਤਾ ਦੇ ਨਾਲ ਕੀ, ਕਿਉਂ, ਕਿਵੇਂ, ਕਿੱਥੇ, ਕਦੋਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜ਼ਰੂਰੀ ਹੁੰਦੇ ਹਨ, ਅਪਨਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਤਰਕਸ਼ੀਲ ਆਗੂ ਚਰਨ ਕਮਲ ਸਿੰਘ ਨੇ ਵਿਦਿਆਰਥੀਆਂ ਨੂੰ 24 ਤੇ 25 ਜੁਲਾਈ ਨੂੰ ਕਰਵਾਈ ਜਾ ਰਹੀ ਚੇਤਨਾ ਪਰਖ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਕਾਈ, ਜ਼ੋਨ ਤੇ ਸੂਬਾ ਪੱਧਰੀ ਮੈਰਿਟ ਬਣਾ ਕੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ।