ਪੱਤਰ ਪ੍ਰੇਰਕ
ਮਾਨਸਾ, 10 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ ਖੇਤੀਬਾੜੀ ਨਾਲ ਸਬੰਧਤ ਸਾਰੇ ਖੇਤੀ ਸੰਦਾਂ ’ਤੇ ਸਬਸਿਡੀ ਦੇਣੀ ਯਕੀਨੀ ਬਣਾਏ ਜਾਵੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਕਿਸਾਨਾਂ ਵੱਲੋਂ ਸੁਪਰਸੀਡਰ, ਹੈਪੀਸੀਡਰ, ਚੌਪਰ ਮਸ਼ੀਨ, ਜ਼ੀਰੋ ਡਰਿੱਲ, ਐੱਸ.ਐੱਮ.ਐੱਸ. ਆਦਿ ਮਸ਼ੀਨਾਂ ’ਤੇ ਸਬਸਿਡੀ ਲੈਣ ਦੀ ਖਾਤਰ ਜ਼ਿਲ੍ਹਾ ਖੇਤੀਬਾੜੀ ਵਿਭਾਗ ਕੋਲ 8000 ਦੇ ਕਰੀਬ ਅਰਜ਼ੀਆਂ ਦਿੱਤੀਆਂ ਗਈਆਂ ਸਨ ਪਰ ਖੇਤੀਬਾੜੀ ਵਿਭਾਗ ਵੱਲੋਂ 300 ਅਰਜ਼ੀਆਂ ਹੀ ਸਵੀਕਾਰ ਕੀਤੀਆਂ ਗਈਆਂ ਹਨ ਅਤੇ 7700 ਦੇ ਕਰੀਬ ਕਿਸਾਨ ਖੇਤੀਬਾੜੀ ਦੇ ਸੰਦਾਂ ’ਤੇ ਸਬਸਿਡੀ ਲੈਣ ਤੋਂ ਰਹਿ ਗਏ ਹਨ। ਕਿਸਾਨ ਆਗੂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਦੀ ਹੈ ਪਰ ਦੂਜੇ ਪਾਸੇ ਕਿਸਾਨਾਂ ਨੂੰ ਖੇਤੀਬਾੜੀ ਦੇ ਸੰਦਾਂ ’ਤੇ ਸਬਸਿਡੀ ਦੇਣ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਨਾ ਮਿਲਣ ਕਾਰਨ ਕਿਸਾਨ ਸੰਦ ਲੈਣ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਆਪਣੇ ਸੰਦ ਖਰੀਦਣ ਲਈ ਸਬਸਿਡੀ ਦਿੱਤੀ ਜਾਵੇ।