ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਸਤੰਬਰ
‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਾ ਦੇਣ ਦੇ ਭਾਜਪਾ ਦੇ ਦਾਅਵੇ ਝੂਠੇ ਹਨ। ਅਸਲ ’ਚ ‘ਆਪ’ ਦੀ ਵਧਦੀ ਹਰਮਨਪਿਆਰਤਾ ਨੇ ਭਾਜਪਾ ਨੂੰ ਬੇਚੈਨ ਕਰ ਦਿੱਤਾ ਹੈ। ਭਾਜਪਾ ਆਗੂ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨਾ ਸਿਰਫ਼ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਰਹੀ ਹੈ, ਸਗੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਆਰਜ਼ੀ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕੇ ਵੀ ਕਰ ਰਹੀ ਹੈ। ‘ਆਪ’ ਸਰਕਾਰ ਨੇ 17,000 ਨਵੀਆਂ ਨੌਕਰੀਆਂ ਦਿੱਤੀਆਂ ਹਨ ਅਤੇ 9000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ। ਸ੍ਰੀ ਚੱਢਾ ਨੇ ਕਿਹਾ ਕਿ ‘ਆਪ’ ਸਰਕਾਰ ਬਿਜਲੀ ਦੇ ਪੁਰਾਣੇ ਬਿੱਲ ਮੁਆਫ਼ ਕਰਨ ਮਗਰੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇ ਰਹੀ ਹੈ। ਹੋਰ ਬਹੁਤ ਸਾਰੇ ਲੋਕ-ਪੱਖੀ ਫੈਸਲੇ ਲਏ ਗਏ ਹਨ।