ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 17 ਜੂਨ
ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਲੈ ਕੇ ਅੱਜ ਇਥੇ ਰੋਸ ਵਿਖਾਵਾ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਇਹ ਪ੍ਰਦਰਸ਼ਨ ਈਜੀਐਸ, ਐਸਟੀਆਰ, ਸਿੱਖਿਆ ਪ੍ਰੋਵਾਈਡਰ, ਏਆਈਈ ਵਲੰਟੀਅਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿਚ ਇਥੇ ਅੰਬੇਡਕਰ ਪਾਰਕ ’ਚ ਕੀਤਾ ਗਿਆ। ਡੀਟੀਐਫ ਦੇ ਸੂਬਾ ਕਮੇਟੀ ਮੈਂਬਰ ਨਵਚਰਨਪ੍ਰੀਤ, ਜਸਵਿੰਦਰ ਸਿੰਘ, ਜ਼ਿਲ੍ਹਾ ਸਕੱਤਰ ਬਲਜਿੰਦਰ ਸਿੰਘ ਅਤੇ ਵਿੱਤ ਸਕੱਤਰ ਅਨਿਲ ਭੱਟ ਨੇ ਮੰਗ ਕੀਤੀ ਕਿ ਸਰਕਾਰ ਦਮਨਕਾਰੀ ਨੀਤੀਆਂ ਦਾ ਤਿਆਗ ਕਰਕੇ ਪਿਛਲੇ ਅਠਾਰਾਂ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰੇ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਇਥੇ ਜ਼ਿਲ੍ਹਾ ਸਕੱਤੇਤ ਅੱਗੇ ਵਾਲੰਟੀਅਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ’ਚ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ ਦੀ ਅਗਵਾਈ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਆਗੂ ਜਗਵੀਰਨ ਕੌਰ ਨੇ ਮੁਹਾਲੀ ਵਿੱਚ ਹੱਕ ਮੰਗਦੇ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀਆਂ ਝੱਲ ਰਹੇ ਅਧਿਆਪਕਾਂ ਉੱਤੇ ਲਾਠੀਚਾਰਜ ਦਾ ਨਿਖ਼ੇਧੀ ਕੀਤੀ। ਇਸ ਮੌਕੇ ਅਮਨਦੀਪ ਮਾਛੀਕੇ ਨੇ ਕਿਹਾ ਕਿ ਲੋਕ ਮਾਰੂ ਨੀਤੀਆਂ ਨੂੰ ਪੂਰ ਚੜਾਉਣ ਲਈ ਕੱਚੇ ਅਧਿਆਪਕਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਜਲਦੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ।
ਸਿੱਖਿਆ ਸਕੱਤਰ ਦਾ ਘਿਰਾਓ ਅੱਜ
ਮਾਨਸਾ (ਪੱਤਰ ਪ੍ਰੇਰਕ): ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਦੇ ਸਿੱਖਿਆ ਸਕੱਤਰ ਦਾ 18 ਜੂਨ ਨੂੰ ਘਿਰਾਓ ਕੀਤਾ ਜਾਵੇਗਾ, ਇਸ ਸਬੰਧੀ ਫਰੰਟ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਵਰਕਰਾਂ ਦੀਆਂ ਵਿਸ਼ੇਸ਼ ਡਿਊਟੀਆਂ ਅੱਜ ਤੋਂ ਲਗਾ ਦਿੱਤੀਆਂ ਗਈਆਂ ਹਨ।