ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਜੂਨ
ਦਿੱਲੀ ਦੇ ਟਿਕਰੀ ਬਾਰਡਰ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਮਾਨਸਾ ਪੰਜਾਬ ਇਕਾਈ ਦੀ ਮੀਟਿੰਗ ਕੀਤੀ ਹੋਈ, ਜਿਸ ਵਿਚ ਪੰਜਾਬ ਕਮੇਟੀ, ਜ਼ਿਲ੍ਹਾ ਅਤੇ ਬਲਾਕ ਅਹੁਦੇਦਾਰਾਂ ਤੇ ਵੱਖ ਵੱਖ ਪਿੰਡਾਂ ਦੇ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਲੌਕਡਾਊਨ ਦੀ ਆੜ ਵਿੱਚ ਖੇਤੀ ਖੇਤਰ ਸਮੇਤ ਹਰ ਖੇਤਰ ਵਿੱਚ ਲੋਕ ਵਿਰੋਧੀ ਕਾਨੂੰਨ ਬਣਾ ਕੇ ਅਣਐਲਾਨੀ ਐਮਰਜੈਂਸੀ ਲਾਈ ਹੋਈ ਹੈ, ਜਿਸ ਤਰ੍ਹਾਂ ਇੰਦਰਾ ਗਾਂਧੀ ਦੁਆਰਾ ਐਮਰਜੈਂਸੀ ਲਾਉਣ ਸਮੇਂ ਲੱਖਾਂ ਲੋਕਾਂ ਨੇ ਵੱਡੀ ਪੱਧਰ ’ਤੇ ਗ੍ਰਿਫਤਾਰੀਆਂ ਦਿੱਤੀਆਂ ਸਨ ਅਤੇ ਜੇਕਰ ਵਰਤਮਾਨ ਸਰਕਾਰ ਨੇ ਲੋਕਾਂ ਦੇ ਅਧਿਕਾਰਾਂ ਨੂੰ ਕੁਚਲਣਾ ਬੰਦ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਵੀ ਕਿਸਾਨ ਲੱਖਾਂ ਦੀ ਗਿਣਤੀ ਵਿਚ ਗ੍ਰਿਫਤਾਰੀਆਂ ਦੇ ਕੇ ਜੇਲ੍ਹਾਂ ਭਰਨ ਤੋਂ ਗੁਰੇਜ਼ ਨਹੀਂ ਕਰਨਗੇ। ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਸਥਾਨਕ ਦਫਤਰ ਵਿੱਚ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 26 ਜੂਨ ‘ਖੇਤੀ ਬਚਾਓ, ਲੋਕਤੰਤਰ ਬਚਾਓ’ ਦੇ ਨਾਅਰੇ ਹੇਠ ਦੇਸ਼ ਦੇ ਸਾਰੇ ਸੂਬਿਆਂ ਦੇ ਗਵਰਨਰਾਂ ਦੇ ਦਫਤਰਾਂ ਵੱਲ ਮਾਰਚ ਕਰਕੇ ਯਾਦ ਪੱਤਰ ਦਿੱਤੇ ਜਾਣਗੇ। ਇਨ੍ਹਾਂ ਐਕਸ਼ਨਾਂ ਵਿੱਚ ਜਮਹੂਰੀ ਕਿਸਾਨ ਸਭਾ ਵੱਲੋਂ ਲੱਗੇ ਕੋਟੇ ਮੁਤਾਬਕ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕੇ ਇਸ ਸਬੰਧੀ ਤਿਆਰੀਆਂ ਆਰੰਭ ਦਿੱਤੀਆਂ ਹਨ।
ਸਿੰਘੂ-ਬਾਰਡਰ ’ਤੇ ਔਰਤ ਵਿੰਗ ਦੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੰਗਰੂਰ ਜ਼ਿਲ੍ਹੇ ਦੇ ਔਰਤ-ਵਿੰਗ ਦੀ ਮੀਟਿੰਗ ਸਿੰਘੂ-ਬਾਰਡਰ ‘ਤੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਦੀ ਨਿਗਰਾਨੀ ਹੇਠ ਹੋਈ। ਮੀਟਿੰਗ ਵਿੱਚ ਬਲਜੀਤ ਕੌਰ ਕਾਤਰੋਂ ਨੂੰ ਜ਼ਿਲ੍ਹਾ ਕਨਵੀਨਰ ਚੁਣਿਆ ਗਿਆ। ਇਸ ਮੌਕੇ ਬਲਜੀਤ ਕੌਰ ਕਾਤਰੋਂ ਨੇ ਕਿਹਾ ਕਿ ਔਰਤਾਂ ਦੇ ਇਕੱਠਾਂ ਨੇ ਸਾਬਤ ਕਰ ਦਿੱਤਾ ਕਿ ਉਹ ਕਿਸੇ ਵੀ ਤਰ੍ਹਾਂ ਮਾਨਸਿਕ ਅਤੇ ਸਰੀਰਕ ਲੜਾਈਆਂ ਵਿਚ ਪਿੱਛੇ ਰਹਿਣ ਵਾਲੀਆਂ ਨਹੀਂ, ਬਲਕਿ ਬਰਾਬਰ ਦੀ ਹੈਸੀਅਤ ਵਿਚ ਸ਼ਾਮਲ ਹੁੰਦੀਆਂ ਹਨ। ਉਹ ਆਪਣੀ ਜਗ੍ਹਾ ਹਾਸਲ ਕਰਨ ਲਈ ਜਾਗਰੂਕ ਵੀ ਹਨ ਅਤੇ ਸਟੇਜਾਂ ਤੋਂ ਵਿਚਾਰਧਾਰਕ ਤੇ ਜਥੇਬੰਦਕ ਜਵਾਬ ਦੇਣ ਦੇ ਸਮਰੱਥ ਵੀ। ਇਨ੍ਹਾਂ ਵੱਡੀਆਂ ਸਟੇਜਾਂ ਤੋਂ ਔਰਤਾਂ ਦੇ ਬੋਲਣ ਅਤੇ ਉਨ੍ਹਾਂ ਨੂੰ ਸੁਣਨ ਦੀ ਰਵਾਇਤ ਭਵਿੱਖ ਵਿਚ ਅੰਦੋਲਨਾਂ ਦੀ ਮਜ਼ਬੂਤੀ ਅਤੇ ਔਰਤਾਂ ਨੂੰ ਸੰਘਰਸ਼ਾਂ ਵਿਚ ਹੋਰ ਸਰਗਰਮ ਥਾਂ ਦੇਣ ਦਾ ਆਧਾਰ ਬਣੇਗੀ। ਔਰਤਾਂ ਨੇ ਆਪਣੇ ਨਾਲ ਹੋਣ ਵਾਲੇ ਸਮਾਜਿਕ ਵਿਤਕਰਿਆਂ ਨੂੰ ਵੀ ਉਭਾਰਿਆ ਹੈ ਅਤੇ ਅੰਦੋਲਨਾਂ ਰਾਹੀਂ ਹਰ ਤਰ੍ਹਾਂ ਦੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦੀ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ ਹੈ।