ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਜੂਨ
ਜੇਲ੍ਹੀਂ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਜਮੂਹਰੀ ਅਧਿਕਾਰ ਸਭਾ ਅਤੇ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਨੇ ਅਹਿਮ ਮੀਟਿੰਗ ਕਰਕੇ 19 ਜੂਨ ਨੂੰ ਸਥਾਨਕ ਬਨਾਸਰ ਬਾਗ ਵਿਚ ਰੈਲੀ ਅਤੇ ਸ਼ਹਿਰ ਵਿਚ ਰੋਸ ਮਾਰਚ ਤੇ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕ ਪੱਖੀ ਆਗੂਆਂ ਨੂੰ ਰੋਸ ਮੁਜ਼ਾਹਰੇ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਾਮਦੇਵ ਭੂਟਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਬੁੱਧੀਜੀਵੀਆਂ ਦੀ ਰਿਹਾਈ ਲਈ ਗੰਭੀਰ ਵਿਚਾਰ ਚਰਚਾ ਕੀਤੀ ਗਈ, ਜਿਸ ਤੋਂ ਬਾਅਦ ਰੈਲੀ ਅਤੇ ਰੋਸ ਮੁਜ਼ਾਹਰੇ ਦਾ ਫੈਸਲਾ ਲਿਆ। ਸਭਾ ਦੇ ਵਿੱਤ ਸੱਕਤਰ ਮਨਧੀਰ ਸਿੰਘ ਅਤੇ ਕਾਰਜਕਾਰੀ ਮੈਂਬਰ ਜਗਰੂਪ ਸਿੰਘ ਨੇ ਦੱਸਿਆ ਕਿ ਵੱਖ ਵੱਖ ਥਾਵਾਂ ’ਤੇ ਕੇਸ ਪਾ ਕੇ ਗ੍ਰਿਫਤਾਰ ਕੀਤੇ ਬੂੱਧੀਜੀਵੀਆਂ ਦੀ ਰਿਹਾਈ ਲਈ ਮਨਾਏ ਜਾ ਰਹੇ ਚੇਤਨਾ ਪੰਦਰਵਾੜੇ ਦੀ ਲੜੀ ਵਜੋਂ ਰੈਲੀ ਅਤੇ ਮੁਜ਼ਾਹਰੇ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਮੀਟਿੰਗ ’ਚ ਇਨਕਲਾਬੀ ਜਮਹੂਰੀ ਮੋਰਚਾ ਦੇ ਸਵਰਨਜੀਤ ਸਿੰਘ, ਤਰਕਸ਼ੀਲ ਸੁਸਾਇਟੀ ਇਕਾਈ ਸੰਗਰੂਰ ਦੇ ਪ੍ਰਧਾਨ ਮਾਸਟਰ ਪਰਮਵੇਦ, ਕ੍ਰਾਂਤੀਕਾਰੀ ਮਜਦੂਰ ਯੂਨੀਅਨ ਦੇ ਸੰਜੀਵ ਮਿੰਟੂ, ਡੀਟੀਐਫ ਬਲਬੀਰ ਚੰਦ ਸਣੇ ਹੋਰ ਆਗੂ ਮੌਜੂਦ ਸਨ।