ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਮਾਰਚ
ਸ਼੍ਰੋਮਣੀ ਕਮੇਟੀ ਨੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਜਥਿਆਂ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਤੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਇਹ ਦੋਵੇਂ ਜਥੇ ਜੂਨ 2021 ਵਿੱਚ ਪਾਕਿਸਤਾਨ ਜਾਣਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2021 ਤਕ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਭੇਜ ਸਕਦੇ ਹਨ। ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।