ਪੱਤਰ ਪ੍ਰੇਰਕ
ਚੀਮਾ ਮੰਡੀ, 17 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਚੀਮਾ ਮੰਡੀ ਵਿੱਚ ਹੋਈ। ਮੀਟਿੰਗ ਵਿੱਚ ਜਥੇਬੰਦੀ ਦੇ ਸੁਨਾਮ ਬਲਾਕ ਦੇ ਆਗੂਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਆਗੂਆਂ ਨੇ ਦੱਸਿਆ ਕਿ ਪਾਣੀ ਅਤੇ ਪ੍ਰਦੂਸ਼ਣ ਦੇ ਮਾਮਲੇ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤਹਿਤ ਪੰਜ ਰੋਜ਼ਾ ਸੰਘਰਸ਼ ਕੀਤਾ ਜਾਵੇਗਾ ਤੇ 21 ਜੁਲਾਈ ਤੋਂ 25 ਜੁਲਾਈ ਤੱਕ ਲੁਧਿਆਣਾ ਵਿੱਚ ਬੁੱਢੇ ਨਾਲੇ ’ਤੇ ਧਰਨਾ ਦਿੱਤਾ ਜਾਵੇਗਾ। ਇਸ ਦੀ ਤਿਆਰੀ ਵਜੋਂ 18 ਜੁਲਾਈ ਨੂੰ ਚੀਮਾ ਮੰਡੀ ਵਿੱਚ ਬਾਬਾ ਭੋਲਾ ਗਿਰ ਦੀਆਂ ਸਮਾਧਾਂ ਤੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨਾਂ ਦੀ ਮੀਟਿੰਗ ਹੋਵੇਗੀ ਤੇ ਇਸ ਮੀਟਿੰਗ ਵਿੱਚ ਸੂਬਾ ਪੱਧਰੀ ਆਗੂ ਵੀ ਸ਼ਾਮਲ ਹੋਣਗੇ। ਅੱਜ ਦੀ ਮੀਟਿੰਗ ਨੂੰ ਰਾਮਸਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ, ਰਾਮਪਾਲ ਸੁਨਾਮ ਤੇ ਅਜਾਇਬ ਸਿੰਘ ਜਖੇਪਲ ਨੇ ਵੀ ਸੰਬੋਧਨ ਕੀਤਾ।