ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਅੱਜ ਸੂਬੇ ਭਰ ਵਿੱਚ ਤਹਿਸੀਲ ਪੱਧਰ ’ਤੇ ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਯਕੀਨੀ ਬਣਾਉਣ ਅਤੇ ਨਹਿਰੀ ਪਾਣੀ ਦੀ ਵਿਵਸਥਾ ਕਰਨ ਦੀ ਮੰਗ ਬਾਰੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕੀਤੇ। ਸਥਾਨਕ ਅਨਾਜ ਮੰਡੀਆਂ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਮਗਰੋਂ ਕਿਸਾਨ ਜਥੇਬੰਦੀਆਂ ਨੇ ਐੱਸਡੀਐੱਮ/ਤਹਿਸੀਲਦਾਰਾਂ ਰਾਹੀਂ ਮੁੱਖ-ਮੰਤਰੀ ਪੰਜਾਬ ਨੂੰ ਮੰਗ ਪੱਤਰ ਵੀ ਭੇਜੇ।
ਭਾਰਤੀ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਬੀਕੇਯੂ-ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ-ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਔਲਖ਼, ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ, ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਕਿਰਨਜੀਤ ਸਿੰਘ ਸੇਖੋਂ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਵਜੀਦਪੁਰ, ਬੀਕੇਯੂ-ਪੰਜਾਬ ਦੇ ਫੁਰਮਾਨ ਸਿੰਘ ਸੰਧੂ ਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੂੰਗੀ ਦੀ ਖਰੀਦ ਕਰਨ ਦੇ ਐਲਾਨ ਨੂੰ ਮੰਡੀਆਂ ਵਿੱਚ ਕੇਂਦਰ ਵੱਲੋਂ ਨਿਰਧਾਰਤ ਐੱਮਐੱਸਪੀ ਅਨੁਸਾਰ ਖਰੀਦ ਯਕੀਨੀ ਬਣਾਵੇ।
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਹਰ ਇਲਾਕੇ ਨੂੰ ਬਣਦਾ ਨਹਿਰੀ ਪਾਣੀ ਦੇਣ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਯੂਪੀ ਪੁਲੀਸ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਜਨਰਲ-ਸਕੱਤਰ ਡਾ. ਆਸ਼ੀਸ਼ ਮਿੱਤਲ ਤੇ ਹੋਰਨਾਂ ਆਗੂਆਂ ’ਤੇ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਆਗੂ ਨੂੰ ਬਿਨਾਂ ਕਾਰਨ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।