ਹਰਜੀਤ ਸਿੰਘ ਪਰਮਾਰ
ਬਟਾਲਾ, 19 ਮਾਰਚ
ਨੇੜਲੇ ਪਿੰਡ ਜੈਤੋ ਸਰਜਾ ਵਿਖੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਵੇਖਦੇ ਹੋਏ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਇਸ ਸਬੰਧੀ ਜ਼ਖਮੀ ਹਰਪਾਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਜੈਤੋ ਸਰਜਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਨ ਉਸ ਦੇ ਇੱਕ ਗੋਲੀ ਲੱਗੀ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਬਟਾਲਾ ਦੇ ਡਾਕਟਰਾਂ ਨੇ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਹੈ। ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਪਿੰਡ ਜੈਤੋ ਸਰਜਾ ਦੇ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਟੀਮ ਨੇ ਮੌਕੇ ’ਤੇ ਜਾ ਕੇ ਸਥਿੱਤੀ ਦਾ ਜਾਇਜ਼ਾ ਲਿਆ ਹੈ ਅਤੇ ਪੁਲੀਸ ਦੀ ਇੱਕ ਟੀਮ ਜ਼ਖ਼ਮੀ ਦੇ ਬਿਆਨ ਲੈਣ ਲਈ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਅਤੇ ਘਟਨਾ ਦੇ ਕਾਰਨਾਂ ਬਾਰੇ ਕੁੱਝ ਵੀ ਪਤਾ ਨਹੀਂ ਲੱਗਾ।