ਮਨਮੋਹਨ ਸਿੰਘ
ਅੰਮ੍ਰਿਤਸਰ, 30 ਅਕਤੂਬਰ
ਤਰਕਸ਼ੀਲ ਸੁਸਾਇਟੀ ਪੰਜਾਬ ਨੇ ਭੀਮਾ ਕੋਰੇਗਾਓਂ ਦੇ ਝੂਠੇ ਸਾਜਿਸ਼ ਕੇਸ ਵਿੱਚ ਨਾਮਜ਼ਦ ਨਾਮਵਰ ਸਮਾਜਿਕ ਕਾਰਕੁਨ ਗੌਤਮ ਨਵਲੱਖਾ ਨੂੰ ਗੰਭੀਰ ਬਿਮਾਰੀ ਦੇ ਬਾਵਜੂਦ ਨਵੀਂ ਮੁੰਬਈ ਦੀ ਤਲੋਜਾ ਜੇਲ੍ਹ ਦੇ ਅੰਡਾ ਸੈੱਲ ਵਿੱਚ ਤਬਦੀਲ ਕਰਨ ਦੀ ਸਖਤ ਨਿਖੇਧੀ ਕਰਦਿਆਂ ਪਿਛਲੇ ਤਿੰਨ ਸਾਲ ਤੋਂ ਬਿਨਾਂ ਮੁਕੱਦਮਾ ਚਲਾਏ ਜੇਲ੍ਹਾਂ ਵਿੱਚ ਡੱਕੇ ਦੇਸ਼ ਦੇ ਪ੍ਰਸਿੱਧ ਬੁੱਧੀਜੀਵੀਆਂ, ਵਕੀਲਾਂ, ਸਮਾਜਿਕ ਕਾਰਕੁਨਾਂ, ਲੇਖਿਕਾਂ ਅਤੇ ਪੱਤਰਕਾਰਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈ ਕੇ ਸਥਾਨਕ ਕੰਪਨੀ ਬਾਗ਼ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਸ ਦੀ ਪ੍ਰਧਾਨਗੀ ਇਕਾਈ ਮੁਖੀ ਤਰਕਸ਼ੀਲ ਆਗੂ ਜਸਪਾਲ ਬਾਸਰਕਾ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਤਰਕਸ਼ੀਲ ਆਗੂ ਸੁਮੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਆਪਣੀ ਫਾਸ਼ੀਵਾਦੀ ਰਣਨੀਤੀ ਹੇਠ ਗੰਭੀਰ ਬਿਮਾਰੀਆਂ ਤੋਂ ਪੀੜਤ ਜਮਹੂਰੀ ਕਾਰਕੁਨਾਂ ਗੌਤਮ ਨਵਲੱਖਾ, ਪ੍ਰੋ.ਜੀ ਐੱਨ ਸਾਈਂਬਾਬਾ, ਪ੍ਰੋ. ਆਨੰਦ ਤੇਲਤੂੰਬੜੇ ਅਤੇ ਸੁਧਾ ਭਾਰਦਵਾਜ ਨੂੰ ਮਰਹੂਮ ਪਾਦਰੀ ਸਟੈਨ ਸਵਾਮੀ ਵਾਂਗ ਜੇਲ੍ਹਾਂ ਵਿੱਚ ਤਸੀਹੇ ਦੇ ਕੇ ਮਾਰਨ ਦੀਆਂ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਮੋਦੀ ਸਰਕਾਰ ’ਤੇ ਦੋਸ਼ ਲਾਇਆ ਕਿ ਦੇਸ਼ ਵਿੱਚ ਆਜ਼ਾਦਾਨਾ ਬੋਲਣ ਅਤੇ ਲਿਖਣ ਦੇ ਖਿਲਾਫ਼ ਅਣਐਲਾਨੀ ਐਮਰਜੈਂਸੀ ਲਗਾ ਕੇ ਦੇਸ਼ ਦੇ ਨਾਮਵਰ ਬੁੱਧੀਜੀਵੀਆਂ ਨੂੰ ਦੇਸ਼ਧ੍ਰੋਹ ਦੇ ਝੂਠੇ ਕੇਸਾਂ ਤਹਿਤ ਬਿਨਾਂ ਸੁਣਵਾਈ ਦੇ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹਾਂ ਵਿੱਚ ਸਿਰਫ ਇਸ ਲਈ ਨਜਾਇਜ਼ ਡੱਕਿਆ ਹੋਇਆ ਹੈ ਕਿਉਂਕਿ ਉਹ ਕੁਦਰਤੀ ਸਰੋਤਾਂ ਨੂੰ ਮੁਨਾਫ਼ਾਖੋਰ ਕਾਰਪੋਰੇਟ ਘਰਾਣਿਆਂ ਕੋਲ ਲੁਟਾਉਣ ਅਤੇ ਆਦਿਵਾਸੀਆਂ ਨੂੰ ਜਬਰੀ ਉਜਾੜਨ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਦਾ ਡਟਵਾਂ ਵਿਰੋਧ ਕਰ ਰਹੇ ਸਨ।
ਤਰਕਸ਼ੀਲ ਆਗੂਆਂ ਜਸਪਾਲ ਬਾਸਰਕਾ, ਅਸ਼ਵਨੀ ਕੁਮਾਰ ਅਤੇ ਮਨਜੀਤ ਬਾਸਰਕੇ ਨੇ ਬੁੱਧੀਜੀਵੀਆਂ ਦੀ ਬਿਨਾਂ ਸ਼ਰਤ ਜਲਦੀ ਰਿਹਾਈ ਦੀ ਮੰਗ ਕੀਤੀ। ਤਰਕਸ਼ੀਲ ਆਗੂਆਂ ਮਾਸਟਰ ਕੁਲਜੀਤ ਵੇਰਕਾ ਕਿਸਾਨ ਆਗੂ ਕਾਮਰੇਡ ਬਲਵਿੰਦਰ ਦੁਧਾਲਾ ਅਤੇ ਮੇਜਰ ਸਿੰਘ ਨੇ ਪੁਲੀਸ ਅਤੇ ਜਾਂਚ ਏਜੰਸੀ ਉਤੇ ਦੋਸ਼ ਲਾਇਆ ਕਿ ਹਿੰਸਾ ਭੜਕਾਉਣ ਲਈ ਜਿੰਮੇਵਾਰ ਅਸਲ ਭਗਵੇ ਦੋਸ਼ੀਆਂ ਮਿਲਿੰਦ ਏਕਬੋਟੇ ਅਤੇ ਸੰਭਾਜੀ ਭਿੜੇ ਦੇ ਖਿਲਾਫ ਸਪਸ਼ਟ ਸਬੂਤ ਹੋਣ ਦੇ ਬਾਵਜੂਦ ਹਕੂਮਤੀ ਦਬਾਅ ਹੇਠ ਉਨ੍ਹਾਂ ਨੂੰ ਅਜੇ ਤਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਦੀ ਸਖਤ ਨਿਖੇਧੀ ਕਰਦਿਆਂ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਕੇ ਗ੍ਰਿਫ਼ਤਾਰ ਕਰਨ ਅਤੇ ਲਖੀਮਪੁਰ ਖੀਰੀ ਹੱਤਿਆ ਕਾਂਡ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।