ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਾ ਤਾਂ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਅਤੇ ਨਾ ਹੀ ਜ਼ਿਲ੍ਹਾ ਪੱਧਰ ’ਤੇ ਰੁਜ਼ਗਾਰ ਦਫ਼ਤਰ ਖੋਲ੍ਹੇ। ਸਗੋਂ ਪਹਿਲਾਂ ਤੋਂ ਜ਼ਿਲ੍ਹਾ ਪੱਧਰ ’ਤੇ ਚੱਲਦੇ ਰੁਜ਼ਗਾਰ ਦਫ਼ਤਰ ਵੀ ਬੰਦ ਕਰ ਦਿੱਤੇ। ਚੀਮਾ ਨੇ ਵਾਅਦਾ ਕੀਤਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ’ਤੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਗ਼ੈਰ-ਸਰਕਾਰੀ ਖੇਤਰ ਵਿੱਚ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਪੈਸਾ, ਸਿਖਲਾਈ ਅਤੇ ਸਾਧਨ ਪ੍ਰਦਾਨ ਕੀਤੇ ਜਾਣਗੇ। ਮੀਤ ਹੇਅਰ ਨੇ ਕਿਹਾ ਕਿ ਸੂਬੇ ’ਚ ‘ਆਪ’ ਦੀ ਸਰਕਾਰ ਬਣਨ ’ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਸਰਕਾਰੀ ਵਿਭਾਗਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰੀਆਂ ਜਾਣਗੀਆਂ।