ਦਵਿੰਦਰ ਪਾਲ
ਚੰਡੀਗੜ੍ਹ, 17 ਅਗਸਤ
ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ 18 ਅਗਸਤ ਤੋਂ ਸ਼ੁਰੂ ਹੋਣ ਵਾਲੇ ਤਿੰਨ ਦਿਨਾਂ ਦੇ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋ ਗਏ ਹਨ। ਸੂਬੇ ਵਿੱਚ ਸਰਗਰਮ ਅਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਵਡੀ ਗਿਣਤੀ ਕਿਸਾਨ ਸ਼ੰਭੂ, ਖਨੌਰੀ ਤੇ ਹੋਰਨਾਂ ਸਰਹੱਦਾਂ ’ਤੇ ਇਕੱਠੇ ਹੋਏ ਤੇ ਉਥੋਂ ਵੱਡੇ ਕਾਫਲਿਆਂ ਦੇ ਰੂਪ ਵਿੱਚ ਲਖੀਮਪੁਰ ਖੀਰੀ ਵੱਲ ਚਾਲੇ ਪਾਏ।
ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਤੇ ਉੱਤਰ ਪ੍ਰਦੇਸ਼ ਸਰਕਾਰਾਂ ਕਿਸਾਨਾਂ ਨਾਲ ਕੀਤੇ ਵਾਅਦਿਆਂ ’ਤੇ ਖਰੀਆਂ ਨਹੀਂ ਉੱਤਰੀਆਂ, ਜਿਸ ਕਰਕੇ ਸੰਯੁਕਤ ਮੋਰਚੇ ਨੇ ਲਖੀਮਪੁਰ ਖੀਰੀ ਵਿੱਚ 18 ਅਗਸਤ ਤੋਂ ਤਿੰਨ ਦਿਨਾਂ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਸੀ।
ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਦੋ ਦਰਜਨ ਵੱਡੀਆਂ ਬੱਸਾਂ ਸਣੇ ਦਰਜਨਾਂ ਛੋਟੇ ਵੱਡੇ ਵਾਹਨਾਂ ’ਤੇ ਸਵਾਰ ਔਰਤਾਂ ਤੇ ਨੌਜਵਾਨਾਂ ਸਣੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ-ਮਜ਼ਦੂਰ ਅੱਜ ਸਵੇਰੇ ਪਾਤੜਾਂ, ਡੱਬਵਾਲੀ ਅਤੇ ਸ਼ੰਭੂ ਬਾਰਡਰਾਂ ਰਾਹੀਂ ਰਵਾਨਾ ਹੋਏ ਹਨ।
ਕਿਸਾਨ ਆਗੂ ਨੇ ਕਿਹਾ ਕਿ ਇਹ ਮੋਰਚਾ ਦਿੱਲੀ ਕਿਸਾਨ ਮੋਰਚੇ ਦੌਰਾਨ ਕੇਂਦਰੀ ਮੰਤਰੀ ਦੇ ਬੇਟੇ ਅਜੈ ਟੈਨੀ ਦੇ ਕਥਿਤ ਗੁੰਡਾ ਗਰੋਹ ਵੱਲੋਂ ਲਖੀਮਪੁਰ ਖੀਰੀ ਵਿੱਚ ਗੱਡੀਆਂ ਥੱਲੇ ਦਰੜ ਕੇ ਸ਼ਹੀਦ ਕੀਤੇ ਗਏ ਪੰਜ ਕਿਸਾਨਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼ ਦਿਵਾਉਣ ਲਈ ਲਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਮੋਰਚੇ ਦੌਰਾਨ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਤੋਂ ਇਲਾਵਾ ਸ਼ਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਅਤੇ ਕਿਸਾਨਾਂ ਸਿਰ ਮੜੇ ਝੂਠੇ ਕੇਸ ਵਾਪਸ ਲੈਣ ਉੱਤੇ ਜ਼ੋਰ ਦਿੱਤਾ ਜਾਵੇਗਾ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਹੋਰਨਾਂ ਜਥੇਬੰਦੀਆਂ ਦੀ ਅਗਵਾਈ ਹੇਠ ਵੀ ਕਿਸਾਨਾਂ ਦੇ ਜਥੇ ਰਵਾਨਾ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਘਟਨਾ ਵਾਪਰੀ ਸੀ ਤਾਂ ਉੱਤਰ ਪ੍ਰਦੇਸ਼ ਪੁਲੀਸ ਦਾ ਰਵੱਈਆ ਵੱਖਰਾ ਸੀ ਤੇ ਹੁਣ ਜਦੋਂ ਆਦਿੱਤਿਆਨਾਥ ਯੋਗੀ ਦੀ ਅਗਵਾਈ ਹੇਠ ਮੁੜ ਸਰਕਾਰ ਬਣ ਗਈ ਹੈ ਤਾਂ ਉੱਤਰ ਪ੍ਰਦੇਸ਼ ਸਰਕਾਰ ਨੇ ਕਿਸਾਨਾਂ ਦੇ ਵਿਰੁੱਧ ਕੋਝੇ ਹੱਥਕੰਡੇ ਅਪਨਾਉਣੇ ਸ਼ੁਰੂ ਕਰ ਦਿੱਤੇ ਹਨ। ਜਗਮੋਹਨ ਸਿੰਘ ਨੇ ਦੱਸਿਆ ਕਿ ਕਿਸਾਨਾਂ ’ਤੇ ਕਤਲ ਦੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਉੱਤਰ ਪ੍ਰਦੇਸ਼ ਪੁਲੀਸ ਦੇ ਕਿਸਾਨਾਂ ਪ੍ਰਤੀ ਰਵੱਈਏ ਖ਼ਿਲਾਫ਼ ਅਤੇ ਝੂਠੇ ਮਾਮਲੇ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨ ਤੋਂ ਨਹੀਂ ਝਿਜਕਣਗੀਆਂ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਕਿਸਾਨੀ ਮੁੱਦਿਆਂ ਅਤੇ ਕਿਸਾਨਾਂ ’ਤੇ ਜ਼ੁਲਮ ਖ਼ਿਲਾਫ਼ ਡਟ ਕੇ ਖੜ੍ਹਨਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਡਟ ਕੇ ਸਾਥ ਦਿੱਤਾ ਜਾਵੇਗਾ ਤੇ ਜੇਕਰ ਸੰਘਰਸ਼ ਲੰਮਾ ਵੀ ਚਲਾਉਣਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਹਥਕੰਡਿਆਂ ਨੂੰ ਰੋਕਣ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਅੱਜ ਇੱਥੋਂ ਥੋੜੀ ਦੂਰ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਵਿੱਚ ਸੂਬਾ ਪ੍ਰਧਾਨ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਖੀਰੀ ਵਿੱਚ 72 ਘੰਟਿਆਂ ਦੇ ਧਰਨੇ ਦਾ ਸੱਦਾ ਦਿੱਤਾ ਗਿਆ ਹੈ, ਜਿਸ ਵਿੱਚ ਸ਼ਾਮਲ ਹੋਣ ਲਈ ਅੱਜ ਉਹ ਵੱਡੇ ਕਾਫ਼ਲੇ ਦੇ ਰੂਪ ਵਿੱਚ ਜਾ ਰਹੇ ਹਨ।
ਲਖੀਮਪੁਰ ਖੀਰੀ ਮੋਰਚੇ ਦੀਆਂ ਤਿਆਰੀਆਂ ਮੁਕੰਮਲ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਖੀਰੀ ਵਿੱਚ ਮੋਰਚਾ ਲਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ। ਮੋਰਚੇ ਦੇ ਆਗੂਆਂ ਵੱਲੋਂ ਮੋਰਚੇ ਦੀਆਂ ਮੰਗ ਪ੍ਰਤੀ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੇ ਅਵੇਸਲੇਪਨ ਖ਼ਿਲਾਫ਼ 18 ਅਗਸਤ ਤੋਂ 21 ਅਗਸਤ ਤੱਕ ਅੰਦੋਲਨ ਕੀਤਾ ਜਾਵੇਗਾ। ਕਿਸਾਨ ਆਗੂ ਜਗਤਾਰ ਸਿੰਘ ਬਾਜਵਾ ਨੇ ਦੱਸਿਆ ਕਿ ਯੂਪੀ ਦੇ ਸਾਰੇ ਜ਼ਿਲ੍ਹਿਆਂ ਤੋਂ ਇਲਾਵਾ ਪੰਜਾਬ, ਹਰਿਆਣਾ, ਉੱਤਰਾਖੰਡ, ਮੱਧ ਪ੍ਰਦੇਸ਼, ਰਾਜਸਥਾਨ ਸਮੇਤ 20 ਤੋਂ ਵੱਧ ਰਾਜਾਂ ਦੇ ਕਿਸਾਨ ਲਖੀਮਪੁਰ ਮੰਡੀ ਵਿੱਚ ਇਕੱਠੇ ਹੋਣਗੇ। ਲਖੀਮਪੁਰ ਵਿੱਚ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। 17 ਅਗਸਤ ਤੋਂ ਬਾਹਰੋਂ ਆਉਣ ਵਾਲੇ ਕਿਸਾਨਾਂ ਲਈ ਲੰਗਰ ਅਤੇ ਰਿਹਾਇਸ਼ ਦੇ ਪੁਖਤਾ ਪ੍ਰਬੰਧ ਕੀਤੇ ਗਏ। ਬਾਹਰੋਂ ਆਉਣ ਵਾਲੇ ਕਿਸਾਨਾਂ ਲਈ ਲਖੀਮਪੁਰ ਪੁੱਜਣ ਤੋਂ ਪਹਿਲਾਂ ਰੇਲਵੇ ਸਟੇਸ਼ਨ ਸੀਤਾਪੁਰ ਵਿੱਚ ਰੁਕਣ ਦਾ ਪ੍ਰਬੰਧ ਕੀਤਾ ਗਿਆ ਹੈ।