ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਕਲਮਛੋੜ ਹੜਤਾਲ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਇਥੇ ਡੀਸੀ ਕੰਪਲੈਕਸ ਵਿਖੇ ਪੁੱਜੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਸਿਆਪਾ ਕੀਤਾ। ਇਸ ਮਗਰੋਂ ਹੜਤਾਲੀ ਮੁਲਾਜ਼ਮਾਂ ਵਲੋਂ ਸ਼ਹਿਰ ਦੇ ਬਜ਼ਾਰਾਂ ਵਿਚ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ। ਹੜਤਾਲੀ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਭਰ ਦੇ ਦਫ਼ਤਰੀ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ ਲੈਣ ਲਈ ਮਜਬੂਰ ਹੋਣਗੇ।
ਕਲਮਛੋੜ ਹੜਤਾਲ ਕਾਰਨ ਪਿਛਲੇ 22 ਦਿਨਾਂ ਤੋਂ ਵੱਖ-ਵੱਖ ਵਿਭਾਗਾਂ ’ਚ ਦਫ਼ਤਰੀ ਕੰਮਕਾਰ ਠੱਪ ਹੈ। ਅੱਜ ਹੜਤਾਲੀ ਮੁਲਾਜ਼ਮ ਡੀਸੀ ਦਫ਼ਤਰ ਅੱਗੇ ਇਕੱਠੇ ਹੋਏ ਅਤੇ ਰੋਸ ਧਰਨਾ ਦਿੱਤਾ ਗਿਆ। ਜਿਉਂ ਹੀ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਨ ਲਈ ਪੁੱਜੇ ਤਾਂ ਧਰਨਾ ਦੇ ਕੇ ਬੈਠੇ ਹੜਤਾਲੀ ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਦੇ ਵਿਰੋਧ ’ਚ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਦੋਂ ਤੱਕ ਮੀਟਿੰਗ ਚਲਦੀ ਰਹੀ ਤਾਂ ਮੁਲਾਜ਼ਮ ਪ੍ਰਦਰਸ਼ਨ ਕਰਦੇ ਰਹੇ। ਮੀਟਿੰਗ ਮਗਰੋਂ ਜਦੋਂ ਮੰਤਰੀ ਜਾਣ ਲੱਗੇ ਤਾਂ ਮੁਲਾਜ਼ਮਾਂ ਨੇ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਅੱਗੇ ਨਹੀਂ ਵਧਣ ਦਿੱਤਾ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਜ਼ਿਲ੍ਹਾ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ, ਪ੍ਰੈਸ ਸਕੱਤਰ ਅਨੁਜ ਸ਼ਰਮਾ, ਨਵੀਨ ਪ੍ਰਾਸ਼ਰ ਵਿੱਤ ਸਕੱਤਰ, ਬਲਵਿੰਦਰ ਸੋਹੀ ਸਰਪ੍ਰਸਤ ਵੱਲੋਂ ਸੂਬਾ ਸਰਕਾਰ ਤੇ ਦੋਸ਼ ਲਗਾਉਂਦਿਆ ਕਿਹਾ ਗਿਆ ਕਿ ਪਿਛਲੇ ਲੰਬੇ ਤੋਂ ਮੁਲਾਜ਼ਮ ਹੜਤਾਲਾਂ ਕਰਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਪਰ ਸੂਬਾ ਸਰਕਾਰ ਵੱਲੋਂ ਮੁਲਾਜਮਾਂ ਦੇ ਸੰਘਰਸ਼ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ। ਇਸ ਦੌਰਾਨ ਪ੍ਸ਼ਾਸ਼ਨ ਵੱਲੋਂ ਜਥੇਬੰਦੀ ਦੇ ਨੁਮਾਇੰਦਿਆਂ ਦੀ ਕੈਬਨਿਟ ਮੰਤਰੀ ਨਾਲ ਮੌਕੇ ਤੇ ਮੀਟਿੰਗ ਕਰਵਾਈ ਗਈ, ਜਿਸ ਦੌਰਾਨ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਉਹ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਗੱਲ ਕਰਨਗੇ ਅਤੇ ਜਲਦ ਮੰਗਾਂ ਦਾ ਹੱਲ ਕੀਤਾ ਜਾਵੇਗਾ। ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਭਰ ਦੇ ਦਫ਼ਤਰੀ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ ਲੈਣ ਲਈ ਮਜ਼ਬੂਰ ਹੋਣਗੇ। ਸੂਬਾ ਕਮੇਟੀ ਵਲੋਂ 31 ਅਕਤੂਬਰ ਨੂੰ ਮੀਟਿੰਗ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ। ਇਸ ਮੌਕੇ ਪੈਨਸ਼ਨਰ ਆਗੂ ਸੁਰਿੰਦਰ ਕੁਮਾਰ ਬਾਲੀਆਂ, ਦਰਸ਼ਨ ਸਿੰਘ ਨੌਰਥ, ਬਿੱਕਰ ਸਿੰਘ ਸਿੱਬੀਆ, ਅਰਜਨ ਸਿੰਘ , ਹਰਵਿੰਦਰ ਸਿੰਘ , ਹਰਜੀਤ ਸਿੰਘ , ਸਿਮਰਨਦੀਪ ਕੌਰ, ਮਨਪ੍ਰੀਤ ਕੌਰ, ਤਰਸੇਮ ਖੰਨਾ, ਜੀਤ ਸਿੰਘ ਢੀਂਡਸਾ ਆਦਿ ਮੌਜੂਦ ਸਨ।
ਮੁਹਾਲੀ(ਦਰਸ਼ਨ ਸਿੰਘ ਸੋਢੀ): ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਚੰਡੀਗੜ੍ਹ/ਪੀਐੱਸਐੱਮਐੱਸਯੂ ਵੱਲੋਂ ਪੈਦਲ ਮਾਰਚ ਦੇ ਦਿੱਤੇ ਗਏ ਸੱਦੇ ’ਤੇ ਅੱਜ ਸਿੱਖਿਆ ਵਿਭਾਗ, ਸਕੂਲ ਬੋਰਡ ਅਤੇ ਪੁੱਡਾ\ਗਮਾਡਾ ਦਫ਼ਤਰ ਦੇ ਮੁਲਾਜ਼ਮਾਂ ਨੇ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੀਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਪਰਵਿੰਦਰ ਸਿੰਘ ਖੰਗੂੜਾ, ਪੀਐੱਸਐੱਮਯੂ ਦੇ ਜ਼ਿਲ੍ਹਾ ਪ੍ਰਧਾਨ ਨਵਰਿੰਦਰ ਸਿੰਘ ਨਵੀ, ਡੀਪੀਆਈ ਦਫ਼ਤਰੀ ਸਟਾਫ਼ ਯੂਨੀਅਨ ਦੇ ਪ੍ਰਧਾਨ ਪ੍ਰਭਜੀਤ ਸਿੰਘ, ਪੁੱਡਾ ਮੁਲਾਜ਼ਮ ਜਥੇਬੰਦੀ ਦੀ ਪ੍ਰਧਾਨ ਸ੍ਰੀਮਤੀ ਚਰਨਜੀਤ ਕੌਰ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਅੱਜ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਾਂਝੇ ਤੌਰ ’ਤੇ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਮੁਲਾਜ਼ਮਾਂ ਪ੍ਰਤੀ ਨਾਂ-ਪੱਖੀ ਰਵੱਈਆ ਰੱਖਣ ਵਾਲੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਦੌਰਾਨ ਮੁਲਾਜ਼ਮਾਂ ਨੇ ਬੋਰਡ ਦੇ ਲਾਲ ਬੱਤੀ ਚੌਕ ’ਤੇ ਚੱਕਾ ਜਾਮ ਕਰਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਤੁਰੰਤ ਪ੍ਰਭਾਵ ਨਾਲ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਲੜੀਵਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਓਂਕਾਰ ਸਿੰਘ ਸਿੱਧੂ, ਸੰਜੀਵ ਸ਼ਰਮਾ, ਦਲਜੀਤ ਸਿੰਘ, ਸਤਨਾਮ ਸਿੰਘ ਸੱਤਾ, ਪਰਮਜੀਤ ਸਿੰਘ ਬੈਨੀਪਾਲ, ਹਰਮਨਦੀਪ ਸਿੰਘ ਬੋਪਾਰਾਏ, ਗੁਰਦੀਪ ਸਿੰਘ ਪਨੇਸਰ, ਹਰਦੀਪ ਸਿੰਘ, ਕੰਵਲਜੀਤ ਕੌਰ ਗਿੱਲ, ਕੁਲਦੀਪ ਸਿੰਘ ਮੰਡੇਰ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।