ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਅਕਤੂਬਰ
ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਦੇ ਉੱਪ ਕੁਲਪਤੀ ਡਾ. ਸਤਵੀਰ ਸਿੰਘ ਗੋਸਲ ਨੂੰ ਹਟਾਉਣ ਸਬੰਧੀ ਪੰਜਾਬ ਸਰਕਾਰ ਨੂੰ ਲਿਖੇ ਪੱਤਰਾਂ ਦੀ ਨਿਖੇਧੀ ਕੀਤੀ ਹੈ। ਸਭਾ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਅਤੇ ਮੀਤ ਪ੍ਰਧਾਨ ਲਖਬੀਰ ਸਿੰਘ ਨਿਜਾਮਪੁਰ ਨੇ ਆਖਿਆ ਕਿ ਪੰਜਾਬ ਦੇ ਰਾਜਪਾਲ ਦੀ ਇਹ ਕਾਰਵਾਈ ਸੰਵਿਧਾਨਕ ਅਸੂਲਾਂ ਦੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਪੀਏਯੂ ਇੱਕ ਖੁਦਮੁਖਤਾਰ ਅਦਾਰਾ ਹੈ ਅਤੇ ਇਸ ਦੀ ਆਪਣੀ ਇੱਕ ਸੰਵਿਧਾਨਕ ਬਾਡੀ ਹੈ, ਜਿਸ ਰਾਹੀਂ ਉਪ ਕੁਲਪਤੀ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਉੱਤੇ ਇਸ ਨਿਯੁਕਤੀ ’ਤੇ ਵਿਵਾਦ ਖੜ੍ਹਾ ਕੀਤਾ ਗਿਆ ਹੈ। ਇਹ ਯੂਨੀਵਰਸਿਟੀ ਖੁਦਮੁਖਤਾਰ ਸੰਸਥਾ ਹੋਣ ਦੇ ਨਾਤੇ ਇਸ ਵਿੱਚ ਗਵਰਨਰ ਦੀ ਭੂਮਿਕਾ ਬੇਲੋੜੀ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਰਾਜਪਾਲਾਂ ਰਾਹੀਂ ਸੰਘੀ ਢਾਂਚੇ ਦਾ ਗਲਾ ਘੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗੈਰ-ਵਿਗਿਆਨਕ ਅਤੇ ਅੰਧਵਿਸ਼ਵਾਸ ਦੇ ਏਜੰਡੇ ਨੂੰ ਲਾਗੂ ਕਰਨਾ ਚਾਹੁੰਦੀ ਹੈ, ਜੋ ਦੇਸ਼ ਦੇ ਸੰਵਿਧਾਨ ਦੇ ਖ਼ਿਲਾਫ਼ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਵਿਦਿਅਕ ਸੰਸਥਾਵਾਂ ਨੂੰ ਸਿਆਸੀ ਆਗੂ ਆਪਣੀਆਂ ਰਾਜਸੀ ਖਾਹਿਸ਼ਾਂ ਦਾ ਅਖਾੜਾ ਨਾ ਬਣਾਉਣ ਅਤੇ ਇਸ ਸੰਸਥਾ ਨੂੰ ਆਪਣਾ ਕੰਮ ਕਰਨ ਦੇਣ।