ਦਸੂਹਾ: ਇਥੇ ਨਵਨਿਯੁਕਤ ਸਿਵਲ ਸਰਜਨ ਕਮ ਡੀਐੱਚਓ ਡਾ. ਲਖਵੀਰ ਸਿੰਘ ਵੱਲੋਂ ਜ਼ਿਲ੍ਹੇ ਅੰਦਰ ਸਿਹਤ ਸੇਵਾਵਾਂ ਨੂੰ ਹੋਰ ਵਧੀਆ ਬਣਾਉਣ ਹਿੱਤ ਕਾਰਵਾਈਆਂ ਆਰੰਭ ਦਿੱਤੀਆਂ ਗਈਆਂ ਹਨ । ਇਸ ਤਹਿਤ ਉਨਾਂ ਵੱਲੋਂ ਅੱਜ ਸਿਵਲ ਹਸਪਤਾਲ ਦਸੂਹਾ ਦਾ ਅਚਨਚੇਤ ਦੌਰਾ ਕੀਤਾ ਗਿਆ । ਉਨ੍ਹਾਂ ਹਸਪਤਾਲ ਦੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜਿਥੇ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਉਥੇ ਹੀ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਸਪਤਾਲ ਅੰਦਰ ਸਥਾਪਤ ਨਸ਼ਾ ਛਡਾਊ ਕੇਂਦਰ, ਮੈਡੀਕਲ ਸਟੋਰ ਦਾ ਵੀ ਜਾਇਜ਼ਾ ਲਿਆ। ਉਨਾਂ ਸੀਨੀਅਰ ਮੈਡੀਕਲ ਅਫਸਰ ਡਾ. ਦਵਿੰਦਰ ਪੁਰੀ ਨੂੰ ਹਸਪਤਾਲ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਵਧੀਆ ਬਣਾਉਣ ਲਈ ਹਦਾਇਤਾਂ ਵੀ ਦਿੱਤੀਆਂ। -ਪੱਤਰ ਪ੍ਰੇਰਕ